ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ASI Dilbar Khan) (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।