ਸੁਨੀਲ ਜਾਖੜ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਉਠਾਏ ਇਹ ਮੁੱਦੇ
ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ (Sunil Kumar Jakhar) ਨੇ ਆਪਣੇ ਸਾਥੀਆਂ ਸਮੇਤ ਆਪਣੇ ਪੰਜਾਬ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨਾਲ ਮੁਲਾਕਾਤ ਕੀਤੀ। ਜਾਖੜ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅਪੂਰਨ ਮਾਹੌਲ ਨੂੰ ਘੱਟ ਕਰਨ ਲਈ ਵੀ ਚਰਚਾ ਕੀਤੀ।ਜਾਖੜ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਆਪਸੀ ਟਕਰਾਅ ਕਾਰਨ ਪੰਜਾਬ ਵਾਸੀ ਤਣਾਅ ਵਿਚ ਹਨ। ਅਸਲ ਵਿੱਚ ਪੰਜਾਬ ਦੇ ਬਹੁਤੇ ਲੋਕ ਕੈਨੇਡਾ ਵਿੱਚ ਵਸ ਗਏ ਹਨ। ਉਨ੍ਹਾਂ ਸ਼ਾਹ ਨੂੰ ਕਿਹਾ ਕਿ ਇਸ ਮਸਲੇ ਨੂੰ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕੈਨੇਡਾ ‘ਚ ਵੱਸਦੇ ਪੰਜਾਬੀ ਅਤੇ ਸਾਡੇ ਭਰਾ ਸ਼ਾਂਤੀ ਨਾਲ ਰਹਿ ਸਕਣ। ਪੰਜਾਬ ਭਾਜਪਾ ਪ੍ਰਧਾਨ ਨੇ ਅਮਿਤ ਸ਼ਾਹ ਕੋਲ ਐਸਵਾਈਐਲ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਦੇ ਦਰਿਆਵਾਂ ਵਿੱਚ ਕੋਈ ਵਾਧੂ ਪਾਣੀ ਨਹੀਂ ਹੈ, ਜੋ ਦੂਜੇ ਰਾਜਾਂ ਨੂੰ ਦਿੱਤਾ ਜਾ ਸਕੇ।ਪੰਜਾਬ ਦੇ ਤਿੰਨ-ਚੌਥਾਈ ਖੇਤਰ ਗ੍ਰੇ ਜਾਂ ਬਲੈਕ ਜ਼ੋਨ ਵਿੱਚ ਚਲੇ ਗਏ ਹਨ, ਇਸ ਲਈ ਸੂਬੇ ਦਾ ਪਾਣੀ ਪੰਜਾਬ ਤੋਂ ਬਾਹਰ ਭੇਜਣਾ ਸੂਬੇ ਨਾਲ ਬੇਇਨਸਾਫ਼ੀ ਹੋਵੇਗੀ। ਕੇਂਦਰ ਨੂੰ ਇਸ ਬਾਰੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਇਸ ਦੌਰਾਨ ਅਮਿਤ ਸ਼ਾਹ ਦੇ ਨਾਲ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਰਾਜ ਕੁਮਾਰ ਵੇਰਕਾ ਨੇ ਵੀ ਪੰਜਾਬ ਦੀ ਰਾਜਨੀਤੀ ਅਤੇ ਮੌਜੂਦਾ ਹਾਲਾਤਾਂ ‘ਤੇ ਚਰਚਾ ਕੀਤੀ।