ਸਕੂਲਾਂ ਨੂੰ ਲੈ ਕੇ ਜਾਰੀ ਕੀਤੇ ਗਏ ਹੁਕਮ

ਲੁਧਿਆਣਾ : ਜ਼ਿਲ੍ਹਾ ਭਾਸ਼ਾ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਵਿਭਾਗ ਨੇ ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਬੋਰਡਾਂ ਨੂੰ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਸਖ਼ਤ ਹੁਕਮ ਦਿੱਤੇ ਹਨ। ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ। ਵਿਭਾਗ ਨੇ ਪੱਤਰ ਵਿੱਚ ਲਿਖਿਆ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਨਾਮ ਬੋਰਡਾਂ ’ਤੇ ਅਜੇ ਤੱਕ ਪੰਜਾਬੀ ਭਾਸ਼ਾ ਵਿੱਚ ਨਹੀਂ ਲਿਖਿਆ ਗਿਆ, ਜੋ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਹੈ।ਜ਼ਿਲ੍ਹਾ ਭਾਸ਼ਾ ਅਫ਼ਸਰ ਡਾ: ਸੰਦੀਪ ਸ਼ਰਮਾ ਨੇ ਸਮੂਹ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਕੂਲਾਂ ਦੇ ਨਾਂ ਪੰਜਾਬੀ ਭਾਸ਼ਾ ਵਿੱਚ ਲਿਖਣ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਣ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ 10 ਅਕਤੂਬਰ 2023 ਤੱਕ ਸਬੰਧਤ ਈਮੇਲ (dlo.ldh.20@gmail.com) ‘ਤੇ ਸਕੂਲ ਦਾ ਮੁੱਖ ਬੋਰਡ ਪੰਜਾਬੀ ਵਿੱਚ ਹੋਣ ਬਾਰੇ ਤਸਦੀਕਸ਼ੁਦਾ ਸਰਟੀਫਿਕੇਟ ਭੇਜਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।