ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ
ਮੋਹਾਲੀ : ਈ.ਟੀ.ਟੀ ਟੀਚਰਜ਼ ਯੂਨੀਅਨ (ETT Teachers Union) ਪੰਜਾਬ ਨੇ ਪਿਛਲੇ ਦਿਨੀਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਸਕੱਤਰ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਤੋਂ ਬੋਰਡ ਸਰਟੀਫਿਕੇਟ ਫੀਸ ਨਾ ਲੈਣ ਦੀ ਮੰਗ ਕੀਤੀ ਗਈ। ਇਸ ’ਤੇ ਬੋਰਡ ਦੇ ਸਕੱਤਰ ਨੇ ਇਸ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਨੂੰ ਲਾਗੂ ਕਰਦਿਆਂ ਬੋਰਡ ਨੇ ਫੀਸ ਨਾ ਵਸੂਲਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਵਾਗਤ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ 5ਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਰਟੀਫਿਕੇਟ ਫ਼ੀਸ ਆਪਸ਼ਨਲ ਕਰਨ ਸਬੰਧੀ ਪੰਜਾਬ ਦੇ ਮੁਲਾਜ਼ਮਾਂ ਦੀ ਲਹਿਰ ਦੇ ਵੱਡੇ ਕੱਦਵਾਰ ਸੂਬਾ ਆਗੂ ਜਸਵਿੰਦਰ ਸਿੰਘ ਸਿੱਧੂ, ਜੋ ਕਿ ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਨ। ਉਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਅਵਿਕੇਸ਼ ਗੁਪਤਾ ਨੂੰ ਮਿਲ ਕੇ ਮੰਗ ਕੀਤੀ ਸੀ ਕਿ ਵਿਦਿਆਰਥੀਆਂ ਲਈ ਸਰਟੀਫਿਕੇਟ ਦੀ ਹਾਰਡ ਕਾਪੀ ਫ਼ੀਸ 200 ਰੁਪਏ ਲਾਜ਼ਮੀ ਕਰਨ ਸਬੰਧੀ ਜਾਰੀ ਹੁਕਮ ਵਾਪਸ ਲਏ ਜਾਣ ਕਿਉਂਕਿ ਇਸ ਨਾਲ ਮਾਪਿਆਂ ‘ਚ ਬੇਚੈਨੀ ਦਾ ਮਾਹੌਲ ਪੈਦਾ ਹੋ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ‘ਚ ਪੜ੍ਹਦੇ ਜ਼ਿਆਦਾਤਰ ਵਿਦਿਆਰਥੀਆਂ ਦੇ ਘਰੇਲੂ ਆਰਥਿਕ ਹਾਲਾਤ ਬਹੁਤ ਕਮਜ਼ੋਰ ਹਨ। ਇਸ ਲਈ ਸਰਟੀਫਿਕੇਟ ਫ਼ੀਸ ਲਾਜ਼ਮੀ ਹੋਣ ’ਤੇ ਅਧਿਆਪਕ ਬਿਨ੍ਹਾਂ ਫ਼ੀਸ ਤੋਂ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਨ ਤੋਂ ਅਸਮੱਰਥ ਹਨ। ਇਸ ਕਰਕੇ ਪੋਰਟਲ ‘ਚ ਲੋੜੀਂਦੀ ਸੋਧ ਕੀਤੀ ਜਾਵੇ। ਸਿੱਧੂ ਵਲੋਂ ਕੀਤੀ ਗਈ ਇਸ ਕੋਸ਼ਿਸ਼ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਹਜ਼ਾਰਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਹੁਣ ਵੱਡੀ ਰਾਹਤ ਮਿਲ ਗਈ ਹੈ। ਇਸ ਮੌਕੇ ਜੱਥੇਬੰਦੀ ਦੇ ਸੂਬਾ ਆਗੂ ਰਛਪਾਲ ਸਿੰਘ ਵੜੈਚ, ਸ਼ਿਵ ਕੁਮਾਰ ਰਾਣਾ ਜ਼ਿਲ੍ਹਾ ਪ੍ਰਧਾਨ ਮੋਹਾਲੀ, ਜਗਤਾਰ ਮਨੈਲਾ ਸੂਬਾ ਕਮੇਟੀ ਮੈਂਬਰ, ਗੁਰਿੰਦਰ ਸਿੰਘ ਗੁਰਮ ਜ਼ਿਲ੍ਹਾ ਪ੍ਰਧਾਨ ਸ੍ਰੀ ਫਤਿਹਗੜ੍ਹ ਸਾਹਿਬ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਅਵਤਾਰ ਸਿੰਘ ਕਪੂਰਥਲਾ, ਰੁਪਿੰਦਰ ਸਿੰਘ ਟਿਵਾਣਾ ਤੇ ਗੁਰਚੇਤ ਸਿੰਘ ਸੰਗਰੂਰ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਮੌਜੂਦ ਸਨ।