ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਲੱਖਾ ਸਿਧਾਣਾ ਦਾ ਵੱਡਾ ਐਲਾਨ

ਮਾਨਸਾ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਅੱਜ 13 ਫਰਵਰੀ ਨੂੰ ‘ਦਿੱਲੀ ਚੱਲੋ’ ਦੇ ਦਿੱਤੇ ਗਏ ਸੱਦੇ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ 114 ਕੰਪਨੀਆਂ ਦੀ ਤਾਇਨਾਤੀ ਕੀਤੀ ਹੈ। ਇਨ੍ਹਾਂ ਵਿਚ 64 ਕੰਪਨੀਆਂ ਨੀਮ ਫੌਜੀ ਬਲਾਂ ਦੀਆਂ ਅਤੇ 50 ਕੰਪਨੀਆਂ ਹਰਿਆਣਾ ਪੁਲਿਸ ਦੀਆਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਹਰਿਆਣਾ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਗਿਆ ਹੈ।ਇਧਰ, ਸਮਾਜ ਸੇਵੀ ਲੱਖਾ ਸਿਧਾਣਾ (Lakha Sidhana) ਨੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਸਮਰਥਨ ਦਿੱਤਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਦਿੱਲੀ ਜਾਣ ਦਾ ਹੋਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਅਸੀਂ ਆ ਰਹੇ ਹਾਂ, ਤਿਆਰ ਰਹੇ ਦਿੱਲੀਏ’। ਇਹ ਸਾਡੀ ਹੋਂਦ ਦਾ ਸਵਾਲ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅਸੀਂ ਆਪਣੀਆਂ ਨਸਲਾਂ, ਫਸਲਾਂ ਨੂੰ ਬਚਾਉਣ ਦਿੱਲੀ ਜਾਣਾ ਹੈ।ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਆਪਣੇ ਟਰੈਕਟਰਾਂ ਸਮੇਤ ਦਿੱਲੀ ਵੱਲ ਵਧ ਰਹੇ ਹਨ। ਇਸ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਪ੍ਰਬੰਧ ਸਖਤ ਕਰ ਦਿੱਤੇ ਹਨ। ਕਿਸਾਨ 10 ਵਜੇ ਪੰਜਾਬ-ਹਰਿਆਣਾ ਬਾਰਡਰ ਉਤੇ ਪਹੁੰਚਣਗੇ। ਕਿਸਾਨਾਂ ਨੇ ਆਖਿਆ ਹੈ ਕਿ ਉਹ ਸਾਰੀਆਂ ਰੋਕਾਂ ਤੋੜ ਕੇ ਅੱਗੇ ਵਧਣਗੇ।