ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਜੇਲ੍ਹ ਤੋਂ ਮਿਲੀ ਰਾਹਤ

ਅੰਮ੍ਰਿਤਸਰ  :  ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ (Bhai Amritpal Singh) ਤੇ ਉਸ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਪਰਿਵਾਰ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ। ਪਰਿਵਾਰਕਾਂ ਮੈਬਰਾਂ ਵੱਲੋਂ 8 ਅਪ੍ਰੈਲ ਨੂੰ ਵੱਡੇ ਪੱਧਰ ਤੇ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ ਪਰ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਦੇ ਨਾਲ ਹੀ ਬੀਤੀ ਸ਼ਾਮ ਨੂੰ ਭਾਈ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ, ਹੋਰ ਪਰਿਵਾਰਕ ਮੈਂਬਰਾਂ ਸਮੇਤ ਛੇ ਵਿਅਕਤੀਆਂ ਨੂੰ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਖਾਲਸਾ ਮਾਰਚ ਕੱਢਣ ਤੋਂ ਰੋਕਣ ਲਈ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਅਗਾਊਂ ਬਚਾਓ ਨੀਤੀ ਤਹਿਤ ਕਾਰਵਾਈ ਕਰਦਿਆਂ ਜੇਲ੍ਹ ਭੇਜ ਦਿੱਤਾ ਸੀ।ਇਸ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਮੈਂਬਰਾਂ ਵੱਲੋਂ ਜ਼ਮਾਨਤ ਲਈ ਅਪੀਲ ਸੈਸ਼ਨ ਕੋਰਟ ਵਿੱਚ ਦਾਇਰ ਕੀਤੀ ਗਈ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਉਨ੍ਹਾਂ ਨੂੰ ਜ਼ਮਾਨਤ ’ਤੇ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਰਿਹਾਅ ਕੀਤੇ ਗਏ ਵਿਅਕਤੀਆਂ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਇੱਕ ਚਾਚਾ, ਚਾਚੀ ਤੇ ਭੂਆ ਸਮੇਤ ਹੋਰ ਸ਼ਾਮਲ ਸਨ। ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਇਹ ਸਾਰੇ ਹੈਰੀਟੇਜ ਸਟਰੀਟ ਵਿੱਚ ਚੱਲ ਰਹੇ ਧਰਨੇ ਵਾਲੇ ਸਥਾਨ ’ਤੇ ਪੁੱਜ ਗਏ। ਪਰਿਵਾਰ ਤੇ ਸਮਰਥਕਾਂ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 8 ਅਪ੍ਰੈਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਤੱਕ ਚੇਤਨਾ ਮਾਰਚ ਕੱਢਿਆ ਜਾਣਾ ਸੀ। ਮਾਰਚ ਕੱਢਣ ਤੋਂ ਪਹਿਲਾਂ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।