ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਅੰਮ੍ਰਿਤਾ ਵੜਿੰਗ ਵੱਲੋਂ ਬੋਲੇ ਗਏ ਇਸ ਸ਼ਬਦ ਨੂੰ ਲੈ ਕੇ ਲਗਾਈ ਫਟਕਾਰ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਵੱਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜਾ’ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਨਾਮ ਅਤੇ ਧਾਰਮਿਕ ਚਿੰਨ੍ਹਾਂ ਦੀ ਸਿਆਸੀ ਲਾਹੇ ਲਈ ਸਿਆਸੀ ਆਗੂਆਂ ਵੱਲੋਂ ਵਰਤੋਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਾਰੀ ਬਿਆਨ ਵਿੱਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਉਨ੍ਹਾਂ ਦੀ ਪਾਰਟੀ ਦੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੇ ਚੋਣ ਨਿਸ਼ਾਨ ਸ੍ਰੀ ਦੀ ਵਰਤੋਂ ਕੀਤੀ ਹੈ। ਗੁਰੂ ਨਾਨਕ ਦੇਵ ਜੀ ਨੂੰ ‘ਪੰਜਾ’ ਕਹਿ ਕੇ ਵੋਟ ਮੰਗੀ ਗਈ ਹੈ। ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ ਕਿ ਪੰਜਾ ਕਾਂਗਰਸ ਪਾਰਟੀ ਦਾ ਚੋਣ ਨਿਸ਼ਾਨ ਹੈ ਜਿਸ ਨੇ ਸਿੱਖਾਂ ਦੀ ਸ਼ਰਧਾ ਅਤੇ ਸ਼ਕਤੀ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤੋਪਾਂ ਅਤੇ ਟੈਂਕਾਂ ਨਾਲ ਹਮਲਾ ਕੀਤਾ ਸੀ। ਕਾਂਗਰਸ ਦੇ ਪੰਜੇ 1978 ਤੋਂ 1995 ਤੱਕ ਸਿੱਖ ਨਸਲਕੁਸ਼ੀ ਕਰਕੇ ਲੱਖਾਂ ਨਿਰਦੋਸ਼ ਅਤੇ ਨਿਹੱਥੇ ਸਿੱਖ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕਾਂਗਰਸ ਵੱਲੋਂ ਆਪਣੇ ਸਿਆਸੀ ਮੰਤਵਾਂ ਲਈ ਗੁਰੂ ਸਾਹਿਬ ਦੇ ਨਾਮ ਜਾਂ ਧਾਰਮਿਕ ਚਿੰਨ੍ਹਾਂ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅੰਮ੍ਰਿਤਾ ਵੜਿੰਗ ਨੂੰ ਤੁਰੰਤ ਆਪਣੀ ਗਲਤੀ ਤੋਂ ਪਛਤਾਵਾ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਉਹ ਸਿਆਸੀ ਪ੍ਰਚਾਰ ਅਤੇ ਸਿਆਸੀ ਹਿੱਤਾਂ ਲਈ ਕਿਸੇ ਵੀ ਰੂਪ ਵਿੱਚ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ।