ETT ਅਧਿਆਪਕਾਂ ਦੀਆਂ ਅਸਾਮੀਆਂ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਇਹ ਅਹਿਮ ਫ਼ੈਸਲਾ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਜਾਬ ਵਿੱਚ ਈ.ਟੀ.ਟੀ. (ETT) ਅਧਿਆਪਕਾਂ ਦੀਆਂ 5994 ਅਸਾਮੀਆਂ ‘ਤੇ ਭਰਤੀ ‘ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭਰਤੀ ਅੱਗੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਪੰਜਾਬੀ ਭਾਸ਼ਾ ਦੇ ਇਮਤਿਹਾਨ ਨੂੰ ਰੱਦ ਕਰਦਿਆਂ ਸਵਾਲ ਉਠਾਇਆ ਕਿ ਇਸ ਪ੍ਰੀਖਿਆ ਵਿੱਚ ਪੰਜਾਬ ਅਤੇ ਪੰਜਾਬੀਅਤ ਨੂੰ ਕਿਉਂ ਸ਼ਾਮਲ ਕੀਤਾ ਗਿਆ? ਹਾਈਕੋਰਟ ਨੇ 3 ਮਹੀਨਿਆਂ ਅੰਦਰ ਪੰਜਾਬੀ ਦੀ ਪ੍ਰੀਖਿਆ ਕਰਵਾਉਣ ਦੇ ਹੁਕਮ ਦਿੱਤੇ ਹਨ, ਜਿਸ ਲਈ ਸਾਰੇ ਉਮੀਦਵਾਰਾਂ ਨੂੰ ਹਾਜ਼ਰ ਹੋਣਾ ਪਵੇਗਾ।ਪਰਵਿੰਦਰ ਸਿੰਘ ਤੇ ਹੋਰਨਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਪਟੀਸ਼ਨ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 12 ਅਕਤੂਬਰ 2022 ਨੂੰ ਈ.ਟੀ.ਟੀ. 5994 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਪਟੀਸ਼ਨਕਰਤਾਵਾਂ ਨੇ ਇਸ ਲਈ ਅਰਜ਼ੀ ਵੀ ਦਿੱਤੀ ਸੀ ਕਿਉਂਕਿ ਉਨ੍ਹਾਂ ਨੇ ਇਸ਼ਤਿਹਾਰ ਵਿੱਚ ਯੋਗਤਾ ਦੇ ਮਾਪਦੰਡ ਪੂਰੇ ਕੀਤੇ ਸਨ। 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸ ਰੂਲਜ਼ ਨੂੰ ਨੋਟੀਫਾਈ ਕੀਤਾ ਸੀ। ਇਸ ਤਹਿਤ ਗਰੁੱਪ ਸੀ ਦੀਆਂ ਸਾਰੀਆਂ ਸਰਕਾਰੀ ਨੌਕਰੀਆਂ ਲਈ ਪੰਜਾਬੀ ਦੀ ਵਾਧੂ ਪ੍ਰੀਖਿਆ ਲਾਜ਼ਮੀ ਕਰ ਦਿੱਤੀ ਗਈ ਹੈ। ਨੋਟੀਫਿਕੇਸ਼ਨ ਵਿੱਚ ਰਾਖਵੇਂ ਵਰਗ ਨੂੰ ਕੋਈ ਛੋਟ ਨਹੀਂ ਦਿੱਤੀ ਗਈ।ਇਸ ਤੋਂ ਬਾਅਦ 1 ਦਸੰਬਰ 2022 ਨੂੰ ਇੱਕ ਸ਼ੁਧਤਾ ਪੱਤਰ ਜਾਰੀ ਕੀਤਾ ਗਿਆ ਜਿਸ ਤਹਿਤ 12 ਅਕਤੂਬਰ ਨੂੰ ਈ.ਟੀ.ਟੀ. 5994 ਅਸਾਮੀਆਂ ਭਰਨ ਲਈ ਜਾਰੀ ਕੀਤੇ ਇਸ਼ਤਿਹਾਰ ‘ਤੇ ਵੀ ਲਾਗੂ ਕੀਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ ਚੱਲ ਰਹੀ ਭਰਤੀ ਪ੍ਰਕਿਰਿਆ ਵਿੱਚ ਇਸ ਨੋਟੀਫਿਕੇਸ਼ਨ ਨੂੰ ਲਾਗੂ ਕਰਨਾ ਪੂਰੀ ਤਰ੍ਹਾਂ ਗਲਤ ਹੈ। ਅਜਿਹੀ ਸਥਿਤੀ ਵਿੱਚ ਇਸ ਸ਼ੁਧਤਾ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਜਾਣ ਅਤੇ ਭਰਤੀ ਪ੍ਰਕਿਰਿਆ ਨੂੰ ਵੀ ਰੋਕਿਆ ਜਾਵੇ। ਹਾਈ ਕੋਰਟ ਨੇ ਕਿਹਾ ਸੀ ਕਿ ਇਸ ਪਟੀਸ਼ਨ ‘ਚ ਭਰਤੀ ਨੂੰ ਚੁਣੌਤੀ ਦੇਣ ਦਾ ਸਭ ਤੋਂ ਮਹੱਤਵਪੂਰਨ ਆਧਾਰ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਭਰਤੀ ਪ੍ਰਕਿਰਿਆ ‘ਚ ਬਦਲਾਅ ਹੈ।ਇਸ ਸੋਧ ਕਾਰਨ ਕੁਝ ਲੋਕ ਜੋ ਪਹਿਲਾਂ ਯੋਗ ਸਨ, ਬਾਅਦ ਵਿੱਚ ਅਯੋਗ ਹੋ ਗਏ ਅਤੇ ਅਜਿਹੇ ਲੋਕ ਵੀ ਹਨ ਜੋ ਯੋਗ ਹੋਣ ਦੇ ਬਾਵਜੂਦ ਅਪਲਾਈ ਨਹੀਂ ਕਰ ਸਕੇ। ਫਿਲਹਾਲ ਇਹ ਭਰਤੀ ਅੰਤਿਮ ਪੜਾਅ ‘ਤੇ ਹੈ ਅਤੇ ਚੁਣੇ ਗਏ ਬਿਨੈਕਾਰਾਂ ਦੀ ਨਿਯੁਕਤੀ ਹੋਣੀ ਬਾਕੀ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬੀ ਦੀ ਪ੍ਰੀਖਿਆ ਦੀ ਸ਼ਰਤ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਪਰ ਇਹ ਪ੍ਰੀਖਿਆ ਨਵੇਂ ਸਿਰੇ ਤੋਂ ਕਰਵਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਕਿਸੇ ਹੋਰ ਭਾਸ਼ਾ ਦੀ ਤਰ੍ਹਾਂ ਹੀ ਹੋਣੀ ਚਾਹੀਦੀ ਸੀ। ਇਸ ਵਿੱਚ ਪੰਜਾਬ ਅਤੇ ਪੰਜਾਬੀਅਤ ਨਾਲ ਸਬੰਧਤ ਸਵਾਲ ਸ਼ਾਮਲ ਨਹੀਂ ਹੋਣੇ ਚਾਹੀਦੇ।