ਪੰਜਾਬ ‘ਚ ਦੂਜੇ ਦਿਨ 20 ਉਮੀਦਵਾਰਾਂ ਨੇ ਦਾਖਲ ਕੀਤੇ 22 ਨਾਮਜ਼ਦਗੀ ਪੱਤਰ

ਜੈਤੋ : ਲੋਕ ਸਭਾ ਚੋਣਾਂ-2024 (The Lok Sabha Elections-2024) ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਨੇ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. (Chief Electoral Officer Sibin C.) ਅਨੁਸਾਰ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਹਿਗੜ੍ਹ ਸਾਹਿਬ ਤੋਂ 1-1 ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।ਸੰਗਰੂਰ ਤੋਂ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਤੋਂ 3-3 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਪਟਿਆਲਾ ਤੋਂ ਤਿੰਨ ਉਮੀਦਵਾਰਾਂ ਵਿੱਚੋਂ ਦੋ ਨੇ ਦੋ-ਦੋ ਫਾਰਮ ਭਰੇ ਹਨ। ਜਦੋਂ ਕਿ ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਬੀਤੇ ਦਿਨ ਫ਼ਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਦੱਸ ਦੇਈਏ ਕਿ 7 ਮਈ ਨੂੰ ਪੰਜਾਬ ਤੋਂ 13 ਉਮੀਦਵਾਰਾਂ ਨੇ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।