ਪੰਜਾਬ ‘ਚ ਇਨ੍ਹਾਂ ਲੋਕਾਂ ਲਈ ਜਾਰੀ ਹੋਏ ਸਖ਼ਤ ਆਦੇਸ਼
ਫਿਰੋਜ਼ਪੁਰ : ਜਨਹਿੱਤ ਦੀ ਰਾਖੀ ਅਤੇ ਜ਼ਰੂਰੀ ਵਸਤੂਆਂ ਦੀ ਨਿਰਵਿਘਨ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਖੋਰੀ/ਭੰਡਾਰਬੰਦੀ ‘ਤੇ ਪਾਬੰਦੀ ਲਗਾਉਣ ਦੇ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ, ਕਿਸੇ ਵੀ ਵਿਅਕਤੀ, ਵਪਾਰੀ ਆਦਿ ਨੂੰ ਜ਼ਰੂਰੀ ਵਸਤੂਆਂ, ਜਿਨ੍ਹਾਂ ਵਿੱਚ ਅਨਾਜ, ਪਸ਼ੂਆਂ ਦਾ ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ, ਦਵਾਈਆਂ ਆਦਿ ਸ਼ਾਮਲ ਹਨ, ਨੂੰ ਸਟੋਰ ਕਰਨ ਦੀ ਆਗਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਟਾਕਿਸਟ/ਵਪਾਰੀ ਅਨਾਜ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਕਰ ਰਹੇ ਹਨ, ਜੋ ਕਿ ਅਨੈਤਿਕ ਅਭਿਆਸ ਹੈ ਜੋ ਕੀਮਤਾਂ ਵਿੱਚ ਵਾਧੇ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਘਾਟ ਦਾ ਡਰ ਪੈਦਾ ਕਰਦਾ ਹੈ, ਜਿਸਦਾ ਆਮ ਆਦਮੀ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।ਇਹ ਹੁਕਮ ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤਾਂ ਦੀ ਨਿਰਵਿਘਨ ਉਪਲਬਧਤਾ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਾਲਾ ਬਾਜ਼ਾਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸੰਜਮ ਅਤੇ ਸੋਚ-ਸਮਝ ਕੇ ਖਰੀਦਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਹਟ ਵਿੱਚ ਖਰੀਦਦਾਰੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਜਾਂ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਲੋਕਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ।