ਭਾਰਤੀ ਕਿਸਾਨ ਯੂਨੀਅਨ ਨੇ ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਕੀਤਾ ਵੱਡਾ ਐਲਾਨ

ਲੁਧਿਆਣਾ : ਅੱਜ ਭਾਰਤੀ ਕਿਸਾਨ ਯੂਨੀਅਨ ਨੇ ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੱਕ ਨੈਸ਼ਨਲ ਹਾਈਵੇਅ ਅਥਾਰਟੀ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ, ਉਦੋਂ ਤੱਕ ਇਸ ਟੋਲ ਪਲਾਜ਼ਾ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ।ਅੱਜ ਟੋਲ ਪਲਾਜ਼ਾ ‘ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆ ਨੇ ਐਲਾਨ ਕੀਤਾ ਕਿ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਲਾਡੋਵਾਲ ਟੋਲ ਪਲਾਜ਼ਾ ਬੰਦ ਰਹੇਗਾ।  ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਟੋਲ ਪਲਾਜ਼ਾ ਖੋਲ੍ਹਣ ਸਬੰਧੀ ਦਾਇਰ ਕੇਸ ਵਿੱਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।ਉਨ੍ਹਾਂ ਕਿਹਾ ਕਿ ਅਦਾਲਤ ਨੇ ਉਨ੍ਹਾਂ ਨੂੰ ਆਪਣੀ ਨਵੀਂ ਰਿੱਟ ਦਾਇਰ ਕਰਨ ਲਈ ਕਿਹਾ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਟੋਲ ਪਲਾਜ਼ਾ 4 ਹਫ਼ਤਿਆਂ ਵਿੱਚ ਚਾਲੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ’ਤੇ ਉਨ੍ਹਾਂ ਕਿਹਾ ਕਿ ਅੱਜ ਅਦਾਲਤ ਵਿੱਚ ਲੋਕਾਂ ਦੀ ਸੁਣਵਾਈ ਵੀ ਬੰਦ ਕਰ ਦਿੱਤੀ ਗਈ ਹੈ ਪਰ ਕਿਸਾਨ ਯੂਨੀਅਨ ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ ਜਦੋਂ ਤੱਕ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।