ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੂੰ ਫਿਰੌਤੀ ਤੇ ਗੋਲੀਬਾਰੀ ਦੇ ਇੱਕ ਮਾਮਲੇ ‘ਚ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ : ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਨੂੰ ਫਿਰੌਤੀ ਅਤੇ ਗੋਲੀਬਾਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਗੁਰਲਾਲ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਸੋਹਿਲ ਪਿੰਡ ਦਾ ਰਹਿਣ ਵਾਲਾ ਹੈ। ਡੀਐਸਪੀ ਰਾਜਾਸਾਂਸੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਗੁਰਲਾਲ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਭੀਲੋਵਾਲ ਪਿੰਡ ਦੇ ਇੱਕ ਡਾਕਟਰ ਨੂੰ ਧਮਕੀ ਭਰਿਆ ਫੋਨ ਕੀਤਾ ਸੀ ਅਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਜਦੋਂ ਡਾਕਟਰ ਨੇ ਫਿਰੌਤੀ ਨਹੀਂ ਦਿੱਤੀ ਤਾਂ ਦੋਸ਼ੀ 4 ਜੂਨ ਦੀ ਰਾਤ ਨੂੰ ਡਾਕਟਰ ਦੇ ਘਰ ਦੇ ਬਾਹਰ ਆਇਆ ਅਤੇ ਗੋਲੀਬਾਰੀ ਕਰ ਦਿੱਤੀ।ਇਹ ਮਾਮਲਾ ਲੋਪੋਕੇ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਪੁਲਿਸ ਨੇ ਗੁਰਲਾਲ ਸਿੰਘ ਨੂੰ ਕਾਰ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਉਸ ਵਿਰੁੱਧ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਕੁਝ ਸਮੇਂ ਤੋਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ, ਜਿਸਦੀ ਪੁਸ਼ਟੀ ਹੋਰ ਸਬੂਤਾਂ ਤੋਂ ਵੀ ਹੋਈ ਹੈ। ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਕਈ ਹੋਰ ਸਾਥੀਆਂ ਨੂੰ ਅਜੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।