ਪੰਜਾਬ ਰੋਡਵੇਜ਼ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ‘ਚ ਧਰਨਾ ਦੇਣ ਦੀ ਬਣਾਈ ਯੋਜਨਾ 

ਖਰੜ : ਪੰਜਾਬ ਰੋਡਵੇਜ਼ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਧਰਨਾ ਦੇਣ ਦੀ ਯੋਜਨਾ ਬਣਾਈ ਸੀ। ਇਸ ਤਹਿਤ ਪੰਜਾਬ ਭਰ ਤੋਂ ਰੋਡਵੇਜ਼ ਯੂਨੀਅਨ ਦੇ ਮੈਂਬਰ ਸੈਕਟਰ-17 ਚੰਡੀਗੜ੍ਹ ਜਾ ਰਹੇ ਸਨ, ਪਰ ਧਰਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਯੂਨੀਅਨ ਦੇ ਕੁਝ ਆਗੂਆਂ ਨੂੰ ਪੁਲਿਸ ਨੇ ਰੋਕ ਲਿਆ। ਇਸ ਦੇ ਸਬੰਧ ਵਿੱਚ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚੰਡੀਗੜ੍ਹ ਆਉਣ ਵਾਲੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਸਟਾਫ਼ ਨੇ ਦੇਸ਼ੂਮਾਜਰਾ ਨੇੜੇ ਧਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਸੜਕਾਂ ‘ਤੇ ਭਾਰੀ ਜਾਮ ਲੱਗ ਗਿਆ।ਯੂਨੀਅਨ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਧਰਨਾ ਦੇਣ ਜਾ ਰਹੇ ਸਨ, ਪਰ ਉਨ੍ਹਾਂ ਨੂੰ ਧੱਕਾ-ਮੁੱਕੀ ਕੀਤੀ ਗਈ। ਪੁਲਿਸ ਨੇ ਮੁਲਾਜ਼ਮਾਂ ਨੂੰ ਜ਼ਬਰਦਸਤੀ ਰੋਕਿਆ, ਜਿਸ ਕਾਰਨ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਨੂੰ ਚੰਡੀਗੜ੍ਹ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ।