ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਨੇ ਬੀਤੇ ਦਿਨ ਸੈਕਟਰ-17 ਸਥਿਤ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਪੰਜਾਬ ਪ੍ਰਧਾਨ ਰੇਸ਼ਮ ਨੇ ਇਕ ਵਾਰ ਫਿਰ ਦੁਹਰਾਇਆ ਕਿ ਜੇਕਰ 8 ਦਿਨਾਂ ਵਿੱਚ ਮੰਗਾਂ ਨੂੰ ਗੰਭੀਰਤਾ ਨਾਲ ਨਾ ਮੰਨਿਆ ਗਿਆ ਤਾਂ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ 9 ਤੋਂ 11 ਜੁਲਾਈ ਤੱਕ ਸੂਬੇ ਭਰ ਵਿੱਚ ਹੜਤਾਲ ਕਰਨ ਲਈ ਮਜਬੂਰ ਹੋਵੇਗੀ।ਯੂਨੀਅਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਈ ਮੀਟਿੰਗਾਂ ਕੀਤੀਆਂ ਹਨ, ਪਰ ਪਿਛਲੇ ਇਕ ਸਾਲ ਤੋਂ ਕੋਈ ਵੀ ਮੰਗ ਨਹੀਂ ਮੰਨੀ ਗਈ ਅਤੇ ਨਾ ਹੀ ਲਾਗੂ ਕੀਤੀ ਗਈ। ਯੂਨੀਅਨ ਨੇ ਬੀਤੇ ਦਿਨ ਜ਼ੀਰਕਪੁਰ ਅਤੇ ਖਰੜ ਬੱਸ ਸਟੇਸ਼ਨ ਬੰਦ ਰੱਖੇ। ਦੋਵੇਂ ਬੱਸ ਸਟੇਸ਼ਨ ਬੰਦ ਹੋਣ ਕਾਰਨ ਯਾਤਰੀਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੋਵਾਂ ਆਗੂਆਂ ਨੇ ਕਿਹਾ ਕਿ ਜੇਕਰ 9 ਜੁਲਾਈ ਨੂੰ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਪੂਰੇ ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਕੀਤੀ ਜਾਵੇਗੀ ਅਤੇ 10 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।