ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੀਤੇ ਜਾ ਰਹੇ ਨਵੇਂ ਉਪਰਾਲੇ
ਪਟਿਆਲਾ : ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਪੂਰਨ ਸਿੱਖਿਆ, ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਵਾਧਾ ਅਤੇ ਵਿਅਕਤੀਗਤ ਵਿਕਾਸ ਵੱਲ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸੰਦਰਭ ਵਿੱਚ, 1 ਜੁਲਾਈ ਨੂੰ ਸਾਰੇ ਸਰਕਾਰੀ ਸਕੂਲਾਂ ਵਿੱਚ “ਆਓ ਸਕੂਲ ਚੱਲੀਏ” ਪ੍ਰੋਗਰਾਮ ਮਨਾਇਆ ਜਾਵੇਗਾ। ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਵਿਦਿਆਰਥੀਆਂ ਦਾ ਨਵੇਂ ਉਤਸ਼ਾਹ ਅਤੇ ਜੋਸ਼ ਨਾਲ ਸਕੂਲਾਂ ਵਿੱਚ ਸਵਾਗਤ ਕੀਤਾ ਜਾਵੇਗਾ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਇਸ ਦਿਨ ਵਿਦਿਆਰਥੀਆਂ ਲਈ ਖੇਡਾਂ, ਮਨੋਰੰਜਕ ਅਤੇ ਗਿਆਨਵਾਨ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹੋਈਆਂ ਯਾਤਰਾਵਾਂ ਅਤੇ ਅਨੁਭਵ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਨਾਲ-ਨਾਲ, ਉਨ੍ਹਾਂ ਦੇ ਜੀਵਨ ਦੇ ਉਦੇਸ਼ਾਂ ‘ਤੇ ਵੀ ਖੁੱਲ੍ਹੀ ਚਰਚਾ ਕਰਵਾਈ ਜਾਵੇਗੀ, ਤਾਂ ਜੋ ਉਹ ਆਪਣੇ ਟੀਚਿਆਂ ਵੱਲ ਧਿਆਨ ਕੇਂਦਰਤ ਕਰ ਸਕਣ।ਇਸੇ ਦਿਨ ਸਕੂਲਾਂ ਵਿੱਚ ਡਾਕਟਰ ਦਿਵਸ ਵੀ ਮਨਾਇਆ ਜਾਵੇਗਾ। ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਿਹਤ ਸੇਵਾਵਾਂ ਲਈ ਡਾਕਟਰਾਂ ਦਾ ਧੰਨਵਾਦ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਡਾਕਟਰਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾਵੇਗਾ।ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ‘ਤੇ ਨਿਰੀਖਣ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ, ਜੋ ਸਕੂਲਾਂ ਦੀ ਤਿਆਰੀ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਮੁਹਿੰਮ ਦੀ ਲਾਗੂ ਕਰਨ ਦੀ ਵਿਵਸਥਾ ਦੀ ਸਮੀਖਿਆ ਕਰਨਗੀਆਂ।ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਸਾਰੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਲਈ ਆਨੰਦਮਈ ਵਾਤਾਵਰਣ ਤਿਆਰ ਕਰਨ, ਪ੍ਰੇਰਕ ਚਰਚਾਵਾਂ ਅਤੇ ਯਾਦਗਾਰ ਸਵਾਗਤੀ ਕਾਰਜਕ੍ਰਮ ਰਾਹੀਂ ਸਕੂਲ ਦੇ ਪਹਿਲੇ ਦਿਨ ਨੂੰ ਵਿਸ਼ੇਸ਼ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।