‘ਰਾਸ਼ਟਰੀ ਡਾਕਟਰ ਦਿਵਸ’ ਦੇ ਮੌਕੇ ‘ਤੇ ਡਾ. ਬਲਬੀਰ ਸਿੰਘ ਨੇ ਕੀਤੇ ਕਈ ਵੱਡੇ ਐਲਾਨ

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ‘ਰਾਸ਼ਟਰੀ ਡਾਕਟਰ ਦਿਵਸ’ ਦੇ ਮੌਕੇ ‘ਤੇ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕਰਦੇ ਹੋਏ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਆਮ ਆਦਮੀ ਕਲੀਨਿਕਾਂ ਵਿੱਚ ਡੇਂਗੂ, ਗਰਭ ਅਵਸਥਾ, ਐੱਚ.ਆਈ.ਵੀ. ਅਤੇ ਹੈਪੇਟਾਈਟਸ ਦੀ ਜਾਂਚ ਦੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾਣਗੀਆਂ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਹੁਣ ਮੈਡੀਕਲ ਖੇਤਰ ਵਿੱਚ ਬਹੁਤ ਤਰੱਕੀ ਕੀਤੀ ਹੈ ਅਤੇ ਦਿਲ ਦੇ ਦੌਰੇ ਵਰਗੀਆਂ ਬਿਮਾਰੀਆਂ ਦਾ ਇਲਾਜ ਹੁਣ ਅਤਿ-ਆਧੁਨਿਕ ਤਰੀਕਿਆਂ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਨੂੰ ਦਿਲ ਦਾ ਦੌਰਾ ਪੈਂਦਾ ਹੈ ਤਾਂ ਇਹ ਮਿੰਟਾਂ ਅਤੇ ਸਕਿੰਟਾਂ ਦੀ ਲੜਾਈ ਹੁੰਦੀ ਹੈ। ਅਜਿਹੇ ਮਰੀਜ਼ਾਂ ਨੂੰ ਇਕ ਵਿਸ਼ੇਸ਼ ਟੀਕਾ ਲਗਾਇਆ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਵਿੱਚ ਇਹ ਧਾਰਨਾ ਸੀ ਕਿ ਦਿਲ ਦੇ ਦੌਰੇ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਨਹੀਂ ਕੀਤਾ ਜਾ ਸਕਦਾ, ਪਰ ਹੁਣ ਇਹ ਧਾਰਨਾ ਬਦਲ ਗਈ ਹੈ।ਸਿਹਤ ਮੰਤਰੀ ਨੇ ਕਿਹਾ ਕਿ ਇਹ ਸਰਕਾਰੀ ਅਤੇ ਨਿੱਜੀ ਸਿਹਤ ਖੇਤਰ ਦੇ ਆਪਸੀ ਸਹਿਯੋਗ ਕਾਰਨ ਸੰਭਵ ਹੋਇਆ ਹੈ। ਉਨ੍ਹਾਂ ‘ਡਾਕਟਰ ਦਿਵਸ’ ਦੇ ਮੌਕੇ ‘ਤੇ ਸਾਰੇ ਡਾਕਟਰਾਂ ਨੂੰ ਵਧਾਈ ਅਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਹਤ ਸਹੂਲਤਾਂ ਲੋਕਾਂ ਦਾ ਮੁੱਢਲਾ ਅਧਿਕਾਰ ਹਨ ਅਤੇ ਹਰ ਕਿਸੇ ਨੂੰ ਇਹ ਮਿਲਣੀਆਂ ਚਾਹੀਦੀਆਂ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਗੈਰ-ਸਰਕਾਰੀ ਸੰਗਠਨਾਂ ਨਾਲ ਮਿਲ ਕੇ ਵੀ ਕੰਮ ਕਰ ਰਹੇ ਹਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ‘ਨਸ਼ਿਆਂ ਵਿਰੁੱਧ ਜੰਗ’ ਨਾਮਕ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।