ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਤੇ 6 ਹੋਣ ਵਾਲੇ ਗੁਰਮਤਿ ਸਮਾਗਮਾਂ ਸਬੰਧੀ ਇਕੱਤਰਤਾ
ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਤੇ 6 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਪਾਤਸ਼ਾਹੀ ਨੌਵੀਂ, ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸਥਾਨਕ ਸਿੱਖ ਆਗੂਆਂ ਨਾਲ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸਕੱਤਰ ਸ. ਪ੍ਰਤਾਪ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਇਕੱਤਰਤਾ ਮਗਰੋਂ ਸਮਾਗਮਾਂ ਸਬੰਧੀ ਕੀਤੇਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ।ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਦੇ ਸ਼ਤਾਬਦੀ ਸਮਾਗਮ ਗੁਰੂ ਸਾਹਿਬ ਨਾਲ ਸਬੰਧਤ ਅਸਥਾਨਾਂ ’ਤੇ ਕੀਤੇ ਜਾਣ ਤਹਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਾਤਸ਼ਾਹ ਨੌਵੀਂ ਵਿਖੇ ਸਮਾਗਮ ਉਲੀਕੇ ਗਏ ਹਨ। ਇਸ ਸਬੰਧ ਵਿਚ ਭਲਕੇ 4 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 5 ਜੁਲਾਈ ਨੂੰ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਭਾਸ਼ਣ, ਕਵੀਸ਼ਰੀ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਇਤਿਹਾਸ ਨੂੰ ਰੂਪਮਾਨ ਕਰਦੀ ਵਿਸ਼ੇਸ਼ ਤੌਰ ’ਤੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ।ਪ੍ਰੋ. ਬਡੂੰਗਰ ਨੇ ਕਿਹਾ ਕਿ 6 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਸਮਾਗਮ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਨਾਉਣ ਲਈ ਇਲਾਕੇ ਭਰ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਸੰਗਤਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਅੰਦਰ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ’ਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸਕੱਤਰ ਸ. ਪ੍ਰਤਾਪ ਸਿੰਘ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਮੈਨੇਜਰ ਸ. ਭਾਗ ਸਿੰਘ, ਅਕਾਲੀ ਆਗੂ ਸ. ਇੰਦਰਮੋਹਨ ਸਿੰਘ ਬਜਾਜ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੀਤ ਮੈਨੇਜਰ ਸ. ਗੁਰਬਚਨ ਸਿੰਘ, ਸ. ਅਮਿਤ ਸਿੰਘ ਰਾਠੀ ਸਮੇਤ ਹੋਰ ਮੌਜੂਦ ਸਨ।