ਮੋਹਾਲੀ ‘ਚ 15 ਐਮ.ਜੀ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਸ਼ੁਰੂ
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ 15 ਐਮ.ਜੀ.ਡੀ (ਮਿਲੀਅਨ ਗੈਲਨ ਪ੍ਰਤੀ ਦਿਨ) ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਜਨਤਾ ਨੂੰ ਸਮਰਪਿਤ ਕੀਤਾ। ਇਸ ਪਲਾਂਟ ਦੀ ਲਾਗਤ 145.26 ਕਰੋੜ ਰੁਪਏ ਹੈ। ਅਰਵਿੰਦ ਕੇਜਰੀਵਾਲ ਨੇ ਇਸ ਕੰਮ ਲਈ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਬੀਤੇ ਦਿਨ ਮੋਹਾਲੀ ਦੇ ਸੈਕਟਰ-83 ਵਿੱਚ 15 ਐਮ.ਜੀ.ਡੀ ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ। ਇਹ ਸੂਬੇ ਦੇ ਵਿਕਾਸ ਕਾਰਜਾਂ ਨੂੰ ਦਰਸਾਉਂਦਾ ਹੈ। ਪਲਾਂਟ ਦੀ ਪਹਿਲਾਂ ਸਮਰੱਥਾ 10 ਐਮ.ਜੀ.ਡੀ ਸੀ, ਜਿਸ ਨੂੰ ਹੁਣ 15 ਐਮ.ਜੀ.ਡੀ ਤੱਕ ਅਪਗ੍ਰੇਡ ਕਰ ਦਿੱਤਾ ਗਿਆ ਹੈ।‘ਆਪ’ ਨੇਤਾ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਸੂਬੇ ਨੂੰ ਮਿਸ਼ਨ ਦੇ ਆਧਾਰ ‘ਤੇ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਢਾਂਚਾ ਤਿਆਰ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਦਸੰਬਰ ਤੋਂ ਇਸ ਦੀ ਸ਼ੁਰੂਆਤ ਕਰ ਕੇ ਸੂਬਾ ਸਰਕਾਰ ਪੰਜਾਬ ਦੇ 166 ਸ਼ਹਿਰਾਂ ਵਿੱਚ ਪਾਣੀ, ਸੀਵਰੇਜ ਸਹੂਲਤ, ਸਫਾਈ, ਸੜਕਾਂ, ਸਟਰੀਟ ਲਾਈਟਾਂ ਅਤੇ ਐਸ.ਟੀ.ਪੀ ਦੀ ਸਪਲਾਈ ਯਕੀਨੀ ਬਣਾਏਗੀ।ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੋਜੀ ਨੂੰ ਜਲਦੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਸੂਬੇ ਦੇ ਕੀਮਤੀ ਪਾਣੀ ਨੂੰ ਬਚਾਉਣਾ ਹੈ, ਤਾਂ ਜੋ ਪਲਾਂਟ ਤੋਂ ਸ਼ੁੱਧ ਕੀਤੇ ਗਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇ। ਸਿੰਗਾਪੁਰ ਦੀ ਉਦਾਹਰਣ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਥੇ ਮੀਂਹ ਦੇ ਪਾਣੀ ਨੂੰ ਪੀਣ ਯੋਗ ਬਣਾਉਣ ਲਈ ਮਾਈਕ੍ਰੋ ਫਿਲਟਰ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਗਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਅਜਿਹੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ, ਹਵਾ ਅਤੇ ਜ਼ਮੀਨ ਲਈ ਵੋਟਾਂ ਨਾ ਹੋਣ ਕਾਰਨ ਰਵਾਇਤੀ ਪਾਰਟੀਆਂ ਨੇ ਇਸ ਨੂੰ ਨਜ਼ਰਅੰਦਾਜ਼ ਕੀਤਾ ਅਤੇ ਸੂਬੇ ਦੇ ਇਨ੍ਹਾਂ ਗੰਭੀਰ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਪ੍ਰਦੂਸ਼ਣ ਵਧਿਆ ਅਤੇ ਕੁਦਰਤੀ ਸਰੋਤ ਦੂਸ਼ਿਤ ਹੋ ਗਏ, ਜਿਸ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਇਆ।