ਪੰਜਾਬ ਸਰਕਾਰ ਵੱਲੋਂ 3600 ਅਧਿਆਪਕਾਂ ਦੀ ਭਰਤੀ ਕਰਨ ਦਾ ਕੀਤਾ ਫ਼ੈਸਲਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ। ਬੀਤੇ ਦਿਨ ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦੇਣ ਲਈ ਪ੍ਰੈਸ ਕਾਨਫਰੰਸ ਕੀਤੀ।ਕੈਬਨਿਟ ਨੇ 3600 ਅਧਿਆਪਕਾਂ ਦੀ ਭਰਤੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਭਰਤੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੜ੍ਹਾਉਣ ਲਈ ਕੀਤੀ ਜਾਵੇਗੀ। ਸੂਬੇ ਵਿੱਚ ਦੋ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸੀ.ਜੀ.ਸੀ ਅਤੇ ਰਿਆਤ ਬਾਹਰਾ ਨੂੰ ਯੂਨੀਵਰਸਿਟੀ ਦਾ ਦਰਜਾ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।ਮੀਟਿੰਗ ਵਿੱਚ ਕਿਲਾ ਰਾਏਪੁਰ ਵਿੱਚ ਬੈਲਗੱਡੀ ਮੁਕਾਬਲਾ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧੀ ਇੱਕ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਪ੍ਰਤੀ ਗੰਭੀਰ ਹੈ। ਇਸ ਸਬੰਧੀ ਵੱਖ-ਵੱਖ ਵਿਦਵਾਨਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਖਰੜਾ ਤਿਆਰ ਹੋ ਜਾਵੇਗਾ, ਤਾਂ ਇਸਨੂੰ ਤੁਹਾਡੇ ਨਾਲ ਸਾਂਝਾ ਕੀਤਾ ਜਾਵੇਗਾ।