ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਧਮਕੀਆਂ ਦੇਣ ਵਾਲਾ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਪੰਜਾਬ : ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਅੰਮ੍ਰਿਤਸਰ ਤੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਗ੍ਰਿਫ਼ਤਾਰ ਮੁਲਜ਼ਮ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਣ ਦੀ ਸੰਭਾਵਨਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਧਮਕੀਆਂ ਕਿਉਂ ਦਿੱਤੀਆਂ ਜਾ ਰਹੀਆਂ ਹਨ, ਕਿਸ ਦੇ ਹੁਕਮਾਂ ‘ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੁਲਜ਼ਮ ਦੇ ਕਿਸ ਦੇ ਨਾਲ ਸੰਪਰਕ ਹਨ।ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਸੁਖਜਿੰਦਰ ਰੰਧਾਵਾ ਨੇ ਟਵੀਟ ਕੀਤਾ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਦਾ ਪੁੱਤਰ ਇੱਕ ਸਾਥੀ ਨੂੰ ਮਿਲਣ ਗਿਆ ਸੀ। ਇਸ ਮੁਲਾਕਾਤ ਤੋਂ ਕੁਝ ਘੰਟਿਆਂ ਬਾਅਦ ਫਤਿਹਗੜ੍ਹ ਚੂੜੀਆਂ ਵਿੱਚ ਗੋਲੀਬਾਰੀ ਹੋਈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਸੀ।