ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਦੇ ਲੋਕਾਂ ਨੂੰ ਦਿੱਤਾ ਇੱਕ ਵੱਡਾ ਤੋਹਫ਼ਾ
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ। ਉਨ੍ਹਾਂ ਨੇ ਸਰਕਾਰੀ ਨਰਸਿੰਗ ਸਿਖਲਾਈ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਜ਼ਾਦੀ ਘੁਲਾਟੀਏ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਦਾ ਵੀ ਉਦਘਾਟਨ ਕੀਤਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਸਰਕਾਰੀ ਨਰਸਿੰਗ ਸਿਖਲਾਈ ਸਕੂਲ ਦੀ ਨਵੀਂ ਇਮਾਰਤ 7 ਕਰੋੜ 81 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋ ਗਈ ਹੈ।ਸੀ.ਐਮ ਮਾਨ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਰਸਿੰਗ ਸਕੂਲ ਦੇ ਨਿਰਮਾਣ ਨਾਲ ਨਾ ਸਿਰਫ਼ ਇਲਾਕੇ ਦੇ ਬੱਚਿਆਂ ਨੂੰ ਫਾਇਦਾ ਹੋਵੇਗਾ, ਸਗੋਂ ਪੇਂਡੂ ਖੇਤਰਾਂ ਦੇ ਵਿਦਿਆਰਥੀ ਵੀ ਦੂਰ ਜਾਣ ਦੀ ਬਜਾਏ ਇੱਥੇ ਨਰਸਿੰਗ ਦੀ ਪੜ੍ਹਾਈ ਕਰ ਸਕਣਗੇ। ਜਲਦੀ ਹੀ ਪੰਜਾਬ ਵਿੱਚ ਮੈਡੀਕਲ ਦੀ ਪੜ੍ਹਾਈ ਲਈ ਹੋਰ ਨਵੇਂ ਅਤੇ ਸ਼ਾਨਦਾਰ ਸਕੂਲ ਅਤੇ ਕਾਲਜ ਦੇਖਣ ਨੂੰ ਮਿਲਣਗੇ। ਆਜ਼ਾਦੀ ਘੁਲਾਟੀਏ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਨੂੰ 3 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ।ਇਹ ਸਕੂਲ ਜ਼ਿਲ੍ਹੇ ਦੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਸਰਵਪੱਖੀ ਵਿਕਾਸ ਕਰਕੇ ਇੱਕ ਚੰਗਾ ਅਤੇ ਸਫ਼ਲ ਵਿਅਕਤੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਸਾਡਾ ਉਦੇਸ਼ ਬੱਚਿਆਂ ਨੂੰ ਚੰਗੀ ਅਤੇ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਪੜ੍ਹਾਈ ਕਰ ਸਕਣ ਅਤੇ ਆਪਣੇ ਮਾਪਿਆਂ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਸਿੱਖਿਆ ਦੇ ਖੇਤਰ ਵਿੱਚ ਇਹ ਕ੍ਰਾਂਤੀ ਇਸੇ ਤਰ੍ਹਾਂ ਜਾਰੀ ਰਹੇਗੀ।