ਡਾ. ਪ੍ਰੀਤੀ ਯਾਦਵ ਨੇ ਝੋਨੇ ਦੀ ਸੁਚਾਰੂ ਖਰੀਦ ਲਈ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਕੀਤੀ ਬੈਠਕ
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚ 3 ਲੱਖ 93 ਹਜ਼ਾਰ 462 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ‘ਚੋਂ 3 ਲੱਖ 83 ਹਜ਼ਾਰ 108 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ 100 ਫੀਸਦੀ ਖਰੀਦ ਦੀ 843 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡੀ.ਟੀ.ਓ. ਬਬਨਦੀਪ ਸਿੰਘ ਵਾਲੀਆ, ਡੀ.ਐਫ.ਐਸ.ਸੀ. ਰਵਿੰਦਰ ਕੌਰ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਦਿੱਤੀਆਂ ਕਿ ਦਿਵਾਲੀ ਤੋਂ ਪਹਿਲਾਂ-ਪਹਿਲਾਂ ਸਾਰੀਆਂ ਮੰਡੀਆਂ ਵਿੱਚ ਖਰੀਦੀ ਜਿਣਸ ਦੀ ਲਿਫਟਿੰਗ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਿਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ਵਿੱਚ ਨਹੀਂ ਬੈਠਾ ਹੋਣਾ ਚਾਹੀਦਾ।ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਜਦੋਂਕਿ ਸਮੂਹ ਕੰਬਾਇਨ ਚਾਲਕਾਂ ਵੀ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨਗੇ ਅਤੇ ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਕਟਾਈ ਨਹੀਂ ਹੋ ਸਕੇਗੀ। ਇਸ ਤੋਂ ਬਿਨ੍ਹਾਂ ਕੋਈ ਵੀ ਕੰਬਾਇਨਾਂ ਸੁਪਰ ਐਸ.ਐਮ.ਐਸ ਲਗਾਏ ਹੋਣ ਤੋਂ ਬਗੈਰ ਨਹੀਂ ਚੱਲੇਗੀ ਅਤੇ ਉਲੰਘਣਾ ਸਾਹਮਣੇ ਆਉਣ ‘ਤੇ ਕੰਬਾਇਨ ਜ਼ਬਤ ਕਰ ਲਈ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 1 ਲੱਖ 80141 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 85627 ਮੀਟ੍ਰਿਕ ਟਨ, ਪਨਸਪ ਵੱਲੋਂ 68553 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 48787 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।