ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ , ਦੂਜੀ ਵਾਰ ਕੀਤੀ ਗਈ ਦਸਤਾਰਬੰਦੀ

ਚੰਡੀਗੜ੍ਹ : ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ।ਜਿੱਥੇ ਉਨ੍ਹਾਂ ਦੀ ਦੂਜੀ ਵਾਰ ਦਸਤਾਰਬੰਦੀ ਕੀਤੀ ਗਈ।ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਤ ਸਮਾਜ ਵੱਲੋਂ ਵਿਰੋਧ ਕੀਤੇ ਜਾਣ ਦੇ ਡਰ ਤੋਂ ਬੀਤੇ ਮਾਰਚ ਮਹੀਨੇ ਹੋਲਾ-ਮਹੱਲਾ ਦੇ ਦਿਨਾਂ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਬੜੀ ਹੀ ਕਾਹਲੀ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤੜਕਸਾਰ ਤਾਜਪੋਸ਼ੀ ਕੀਤੀ ਗਈ ਸੀ, ਜਿਸ ਨੂੰ ਸਿੱਖ ਪੰਥ ਦੀਆਂ ਸਮੂਹ ਨਿਹੰਗ ਜਥੇਬੰਦੀਆਂ, ਟਕਸਾਲਾਂ, ਸੰਪਰਾਇਵਾਂ, ਸਭਾ ਸੋਸਾਇਟੀਆਂ ਵੱਲੋਂ ਮਰਿਆਦਾ ਦੀ ਉਲੰਘਣਾ ਕਰਾਰ ਦੇ ਕੇ ਸਹਿਮਤੀ ਦੇਣ ਤੋਂ ਲਗਾਤਾਰ ਇਨਕਾਰ ਕਰਦਿਆਂ ਜਥੇਦਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ।ਨਿਹੰਗ ਸਿੰਘ ਜਥੇਬੰਦੀਆਂ ਅਤੇ ਦਮਦਮੀ ਟਕਸਾਲ ਕਈ ਮਹੱਤਤਪੂਰਨ ਮੌਕਿਆਂ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲੋ ਸਨਮਾਨ ਲੈਣਾ ਵੀ ਬੰਦ ਕੀਤਾ ਹੋਇਆ ਸੀ, ਜਿਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਅਜਿਹੇ ਪੈਦਾ ਹੋਏ ਹਾਲਾਤ ਕਰਕੇ ਨਮੋਸ਼ੀਜਨਕ ਸਥਿਤੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਸੀ ਪਰ ਇਨ੍ਹਾਂ ਹਲਾਤਾਂ ਨੂੰ ਮੋੜਾ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਯਤਨਸ਼ੀਲ ਸਨ।ਮਿਲੀ ਜਾਣਕਾਰੀ ਮੁਤਾਬਕ ਐਡਵੋਕੇਟ ਧਾਮੀ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਾਦਿ, ਸਭਾ ਸੋਸਾਇਟੀਆਂ ਦੇ ਨੁਮਾਇੰਦਿਆਂ ਨੂੰ ਪੰਥਕ ਹਲਾਤ ਦਾ ਵਾਸਤਾ ਅਤੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਹਵਾਲਾ ਦਿੰਦਿਆਂ ਸਿੰਘ ਸਾਹਿਬ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇਣ ਲਈ ਰਾਜੀ ਕਰਨ ’ਚ ਸਫ਼ਲ ਹੋਏ ਹਨ। ਜਿਨ੍ਹਾਂ ਦੀ ਸਹਿਮਤੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ 25 ਅਕਤੂਬਰ ਨੂੰ ਸਿੰਘ ਸਾਹਿਬ ਦੀ ਤਾਜਪੋਸ਼ੀ ਲਈ ਸਮਾਗਮ ਰੱਖਿਆ ਗਿਆ ਅਤੇ ਅੱਜ ਮੁੜ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਕੀਤੀ ਗਈ।