ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਲਿਆ ਜਾਇਜ਼ਾ
ਪਟਿਆਲਾ : ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਵਿਖੇ 4 ਨਵੰਬਰ ਨੂੰ ਸ਼ਾਮ 7 ਤੋਂ 8.30 ਵਜੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਇਹ ਜਾਣਕਾਰੀ ਪ੍ਰਦਾਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਸਲਫ਼ੇ ਅਤੇ ਮਹਾਨ ਕੁਰਬਾਨੀ ਬਾਰੇ ਜਾਣਨ ਲਈ ਇਹ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਸਮੂਹ ਜ਼ਿਲ੍ਹਾ ਨਿਵਾਸੀ ਸਮੇਂ ਸਿਰ ਆਪਣੇ ਪਰਿਵਾਰਾਂ ਸਮੇਤ ਜਰੂਰ ਪਹੁੰਚਣ।ਇਸ ਪ੍ਰੋਗਰਾਮ ਦੀਆਂ ਤਿਆਰੀਆਂ ਬਾਬਤ ਬੈਠਕ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਨੇ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਦੀਆਂ ਤਿਆਰੀਆਂ ਲਈ ਡਿਊਟੀਆਂ ਸੌਂਪੀਆਂ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਾਨਾਮੱਤੀ ਸ਼ਹਾਦਤ ਦੇ 350 ਸਾਲਾ ਦਿਹਾੜੇ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾ ਰਹੀ ਹੈ।ਏ.ਡੀ.ਸੀ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਵੱਧ ਤੋਂ ਵੱਧ ਸੰਗਤ ਨੂੰ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਅਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਇਹ ਲਾਈਟ ਐਂਡ ਸਾਂਊਂਡ ਸ਼ੋਅ ਪੋਲੋ ਗਰਾਊਂਡ ਵਿਖੇ 4 ਨਵੰਬਰ ਦੀ ਸ਼ਾਮ 7 ਵਜੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ”ਇਸ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਤੇ ਧਾਰਮਿਕ ਵਿਰਾਸਤ ਨੂੰ ਸਨਮਾਨ ਦੇਈਏ, ਜਿਸ ਲਈ ਸਮੂਹ ਸੰਗਤ ਨੂੰ ਇਸ ਸਮਾਗਮ ਵਿੱਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਵੀ ਹੈ।”ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕੇ ਹਨ।ਉਨ੍ਹਾਂ ਦੱਸਿਆ ਕਿ ਇਸੇ ਤਹਿਤ 20 ਨਵੰਬਰ ਨੂੰ ਬਠਿੰਡਾ ਤੋਂ ਮਹਾਨ ਨਗਰ ਕੀਰਤਨ ਦੇ ਰੂਪ ‘ਚ ਚੱਲਣ ਵਾਲੀ ਧਾਰਮਿਕ ਯਾਤਰਾ ਮਾਲਵਾ-2 ਯਾਤਰਾ 21 ਨਵੰਬਰ ਨੂੰ ਪਟਿਆਲਾ ਵਿਖੇ ਪੁੱਜ ਰਹੀ ਹੈ ਜਿਸ ਲਈ ਪੁਲਿਸ ਵੱਲੋਂ ਸ਼ਾਨਦਾਰ ਗਾਰਡ ਆਫ਼ ਆਨਰ ਦੇਣ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਜਗ੍ਹਾ-ਜਗ੍ਹਾ ਸਵਾਗਤ ਕਰਨ ਦੀਆਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਿਨ੍ਹਾਂ ਜ਼ਿਲ੍ਹੇ ਭਰ ਅੰਦਰ ਗੁਰੂ ਸਾਹਿਬਾਨ ਨਾਲ ਸਬੰਧਤ 36 ਵੱਖ-ਵੱਖ ਅਸਥਾਨਾਂ ਵਿਖੇ ਵੀ ਧਾਰਮਿਕ ਸਮਾਗਮਾਂ ਸਮੇਤ ਕਵੀ ਦਰਬਾਰ ਕਰਵਾਏ ਜਾਣਗੇ।ਇਸ ਮੌਕੇ ਐਸ.ਪੀ. ਸਥਾਨਕ ਵੈਭਵ ਚੌਧਰੀ, ਏ.ਡੀ.ਸੀ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਊਸ਼ ਅਗਰਵਾਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਫਾਇਰ ਅਫ਼ਸਰ ਰਜਿੰਦਰ ਕੌਸ਼ਲ, ਡਾ. ਨਵਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।
SikhDiary