ਕੇਂਦਰ ਸਰਕਾਰ ਨੇ ਯੂਨੀਵਰਸਿਟੀ ਦੇ ਪ੍ਰਬੰਧਕੀ ਢਾਂਚੇ ‘ਚ ਕੀਤੇ ਮਹੱਤਵਪੂਰਨ ਬਦਲਾਅ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਸਬੰਧੀ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਯੂਨੀਵਰਸਿਟੀ ਦੇ ਪ੍ਰਬੰਧਕੀ ਢਾਂਚੇ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਹਨ। 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਯੂਨੀਵਰਸਿਟੀ ਹੁਣ ਵਾਈਸ ਚਾਂਸਲਰ ਦੀ ਅਗਵਾਈ ਵਾਲੇ ਬੋਰਡ ਆਫ਼ ਗਵਰਨਰਜ਼ ਦੁਆਰਾ ਚਲਾਈ ਜਾਵੇਗੀ। ਇਸ ਬੋਰਡ ਵਿੱਚ ਕੇਂਦਰ ਸਰਕਾਰ, ਯੂ.ਜੀ.ਸੀ. ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ। ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ, ਯੂਨੀਵਰਸਿਟੀ ਵਿੱਚ ਹੁਣ ਸੈਨੇਟ ਚੋਣਾਂ ਨਹੀਂ ਹੋਣਗੀਆਂ ਅਤੇ ਗ੍ਰੈਜੂਏਟ ਵੋਟਰਾਂ ਨੂੰ ਹੁਣ ਕੋਈ ਪ੍ਰਤੀਨਿਧਤਾ ਨਹੀਂ ਮਿਲੇਗੀ। ਪਹਿਲਾਂ, 91 ਮੈਂਬਰੀ ਸੈਨੇਟ ਅਤੇ 15 ਮੈਂਬਰੀ ਸਿੰਡੀਕੇਟ ਯੂਨੀਵਰਸਿਟੀ ਦੀਆਂ ਨੀਤੀਆਂ ਅਤੇ ਬਜਟ ਨਿਰਧਾਰਤ ਕਰਦਾ ਸੀ, ਪਰ ਹੁਣ ਇਹ ਸਾਰੀਆਂ ਸ਼ਕਤੀਆਂ ਨਵੇਂ ਬਣੇ ਬੋਰਡ ਆਫ਼ ਗਵਰਨਰਜ਼ ਨੂੰ ਤਬਦੀਲ ਕਰ ਦਿੱਤੀਆਂ ਜਾਣਗੀਆਂ।