ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਲੱਗਾ ਵੱਡਾ ਝਟਕਾ

ਪੰਜਾਬ : ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੀ ਕਾਰਵਾਈ ਵਿਰੁੱਧ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਹੋਈ ਸੁਣਵਾਈ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਫ਼ੈਸਲੇ ਨਾਲ ਈ.ਡੀ ਨੂੰ ਖਹਿਰਾ ਵਿਰੁੱਧ ਜਾਂਚ ਕਰਨ ਅਤੇ ਢੁਕਵੀਂ ਕਾਰਵਾਈ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ।ਸੁਖਪਾਲ ਸਿੰਘ ਖਹਿਰਾ ਵੱਲੋਂ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ 2015 ਵਿੱਚ ਦਰਜ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਪਹਿਲਾਂ ਹੀ ਉਨ੍ਹਾਂ ਦੇ ਹੱਕ ਵਿੱਚ ਫ਼ੈਸਲਾ ਸੁਣਾ ਚੁੱਕੀ ਹੈੈ, ਜਿਸ ਵਿੱਚ ਸੰਮਨ ਦੇ ਹੁਕਮ ਰੱਦ ਕੀਤੇ ਗਏ ਹਨ। ਇਸ ਦੇ ਬਾਵਜੂਦ, ਈ.ਡੀ ਨੇ 2021 ਵਿੱਚ ਉਨ੍ਹਾਂ ਦੇ ਘਰ ਛਾਪਾ ਮਾਰਿਆ ਅਤੇ 2023 ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਆਧਾਰ ‘ਤੇ ਸੁਖਪਾਲ ਸਿੰਘ ਖਹਿਰਾ ਨੇ ਹਾਈ ਕੋਰਟ ਵਿੱਚ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ, ਪਰ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ।