ਮੁੱਖ ਮੰਤਰੀ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ, ਲੱਗੀ ਸਖਤ ਪਾਬੰਦੀ

ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਅਤੇ ਡਰੋਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਦੇ ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 2 ਨਵੰਬਰ, 2025 ਨੂੰ ਜ਼ਿਲ੍ਹੇ ਦੇ ਦੌਰੇ ਦੌਰਾਨ ਹੈਲੀਪੈਡ, ਰੂਟ ਅਤੇ ਪ੍ਰੋਗਰਾਮ ਸਥਾਨਾਂ ਦੇ ਆਲੇ-ਦੁਆਲੇ ਪੰਜ ਜਾਂ ਵੱਧ ਲੋਕਾਂ ਦੇ ਗੈਰ-ਕਾਨੂੰਨੀ ਇਕੱਠ ਅਤੇ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇੱਕ ਹੋਰ ਹੁਕਮ ਵਿੱਚ, ਮੁੱਖ ਮੰਤਰੀ ਦੇ ਆਉਣ ਦੇ ਮੱਦੇਨਜ਼ਰ ਹੈਲੀਪੈਡ, ਰੂਟ ਅਤੇ ਪ੍ਰੋਗਰਾਮ ਸਥਾਨਾਂ ਨੂੰ ਨੋ-ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਪ੍ਰੋਗਰਾਮ ਸਥਾਨ ਅਤੇ 5-ਕਿਲੋਮੀਟਰ ਦੇ ਘੇਰੇ (360-ਡਿਗਰੀ ਫੀਲਡ ਆਫ ਵਿਊ) ਦੇ ਅੰਦਰ ਡਰੋਨ, ਮਾਨਵ ਰਹਿਤ ਵਾਹਨ, ਜਾਂ ਰਿਮੋਟ-ਨਿਯੰਤਰਿਤ ਯੂ.ਏ.ਵੀ. ਉਡਾਉਣ ‘ਤੇ ਸਖ਼ਤੀ ਨਾਲ ਪਾਬੰਦੀ ਹੋਵੇਗੀ।