ਇੱਕ ਹੋਰ ਕਬੱਡੀ ਖਿਡਾਰੀ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕੀਤੀ ਹੱਤਿਆ
ਲੁਧਿਆਣਾ: ਲੁਧਿਆਣਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਨੇ ਸਨਸਨੀ ਫੈਲਾ ਦਿੱਤੀ ਹੈ। ਕਬੱਡੀ ਖਿਡਾਰੀ ਗੁਰਿੰਦਰ ਸਿੰਘ (23) ਦੀ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜਦੋਂ ਕਿ ਉਨ੍ਹਾਂ ਦਾ ਇੱਕ ਸਾਥੀ ਗੰਭੀਰ ਜ਼ਖਮੀ ਹੋ ਗਿਆ।ਰਿਪੋਰਟਾਂ ਅਨੁਸਾਰ, ਇਹ ਘਟਨਾ ਸਮਰਾਲਾ ਦੇ ਪਿੰਡ ਮਾਣਕੀ ਵਿੱਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਗੁਰਿੰਦਰ ਸਿੰਘ ਆਪਣੇ ਸਾਥੀਆਂ ਨਾਲ ਨਗਰ ਕੀਰਤਨ ਦੇ ਚਲਦਿਆਂ ਸੜਕ ਦੀ ਸਫਾਈ ਕਰ ਰਹੇ ਸਨ , ਉਦੋਂ ਅਚਾਨਕ ਮੋਟਰਸਾਈਕਲ ‘ਤੇ ਸਵਾਰ ਚਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ । ਗੋਲੀਬਾਰੀ ਦੀ ਆਵਾਜ਼ ਸੁਣ ਕੇ ਘਟਨਾ ਸਥਾਨ ‘ਤੇ ਦਹਿਸ਼ਤ ਫੈਲ ਗਈ। ਪਿੰਡ ਵਾਸੀਆਂ ਨੇ ਤੁਰੰਤ ਦੋਵਾਂ ਜ਼ਖਮੀ ਨੌਜਵਾਨਾਂ ਨੂੰ ਸਮਰਾਲਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਦੇਖ ਕੇ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਗੁਰਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੇ ਸਾਥੀ ਧਰਮਵੀਰ ਸਿੰਘ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਿੰਦਰ ਸਿੰਘ ਇੱਕ ਪ੍ਰਤਿਭਾਸ਼ਾਲੀ ਕਬੱਡੀ ਖਿਡਾਰੀ ਸਨ ਅਤੇ ਕਈ ਟੂਰਨਾਮੈਂਟਾਂ ਵਿੱਚ ਹਿੱਸਾ ਲੈ ਚੁੱਕੇ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਰਾਲਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਖੰਨਾ ਦੇ ਸੁਪਰਡੈਂਟ ਆਫ ਪੁਲਿਸ (ਆਈ) ਪਵਨਜੀਤ ਚੌਧਰੀ ਨੇ ਕਿਹਾ ਕਿ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਨੇ ਇੱਕ ਵਾਰ ਫਿਰ ਲੁਧਿਆਣਾ ਦੀ ਸੁਰੱਖਿਆ ਸਥਿਤੀ ‘ਤੇ ਸਵਾਲ ਖੜ੍ਹੇ ਕੀਤੇ ਹਨ, ਕਿਉਂਕਿ ਪਿਛਲੇ ਕੁਝ ਮਹੀਨਿਆਂ ਤੋਂ ਇਸ ਇਲਾਕੇ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ।
SikhDiary