ਪਟਿਆਲਾ ਦੇ ਹਰ ਵਾਰਡ ‘ ਚ ਵਿਕਾਸ ਕਾਰਜ ਜਾਰੀ : ਅਜੀਤਪਾਲ ਸਿੰਘ ਕੋਹਲੀ

ਪਟਿਆਲਾ : ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਪਟਿਆਲਾ ਦੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਸ. ਕੁੰਦਨ ਗੋਗੀਆ ਵੱਲੋਂ ਵਾਰਡ ਨੰਬਰ 49 ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਸੜਕ ਅਤੇ ਸੀਵਰੇਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹਿਰਾਂ ਵਿੱਚ ਢਾਂਚਾਗਤ ਸੁਧਾਰ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਸ. ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਵਾਰਡ ਨੰਬਰ 49 ਵਿੱਚ ਕਾਫ਼ੀ ਸਮੇਂ ਤੋਂ ਸੜਕਾਂ ਅਤੇ ਸੀਵਰੇਜ ਦੀ ਹਾਲਤ ਖਰਾਬ ਸੀ, ਜਿਸ ਕਾਰਨ ਸਥਾਨਕ ਨਿਵਾਸੀਆਂ ਨੂੰ ਦਿਨਚਰਿਆ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਇੱਥੇ ਪੂਰੀ ਤਰ੍ਹਾਂ ਨਵੀਆਂ ਸੜਕਾਂ ਤੇ ਅਧੁਨਿਕ ਸੀਵਰੇਜ ਪ੍ਰਣਾਲੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਾਰਡ ਵਿੱਚ ਸਮਾਨ ਵਿਕਾਸ ਕਰਨਾ ਅਤੇ ਲੋਕਾਂ ਨੂੰ ਸੁਵਿਧਾਵਾਂ ਉਪਲਬਧ ਕਰਵਾਉਣਾ ਹੈ।ਮੇਅਰ ਸ. ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਨਗਰ ਨਿਗਮ ਸ਼ਹਿਰ ਦੇ ਹਰੇਕ ਹਿੱਸੇ ਵਿੱਚ ਸਫਾਈ, ਪਾਣੀ, ਰੋਸ਼ਨੀ ਅਤੇ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 49 ਵਿੱਚ ਸ਼ੁਰੂ ਹੋਏ ਇਹ ਕੰਮ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਇੱਕ ਵੱਡਾ ਕਦਮ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਨਾ ਸਿਰਫ਼ ਆਵਾਜਾਈ ਸੁਚਾਰੂ ਹੋਵੇਗੀ, ਸਗੋਂ ਸੀਵਰੇਜ ਦੀਆਂ ਸਮੱਸਿਆਵਾਂ ਤੋਂ ਵੀ ਮੁਕਤੀ ਮਿਲੇਗੀ।ਇਸ ਮੌਕੇ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ‘ਤੇ ਖਾਸ ਧਿਆਨ ਰੱਖਿਆ ਜਾਵੇਗਾ ਅਤੇ ਇਹ ਕੰਮ ਨਿਰਧਾਰਿਤ ਸਮੇਂ ਵਿੱਚ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਟੀਮ ਹਰ ਪੱਧਰ ‘ਤੇ ਨਿਗਰਾਨੀ ਕਰੇਗੀ ਤਾਂ ਜੋ ਪੈਸੇ ਦੀ ਪੂਰੀ ਵਰਤੋਂ ਵਿਕਾਸ ਕਾਰਜਾਂ ਲਈ ਹੋਵੇ।ਇਸ ਮੌਕੇ ਕਈ ਕੌਂਸਲਰਾਂ, ਸਥਾਨਕ ਨੇਤਾਵਾਂ ਅਤੇ ਇਲਾਕਾ ਨਿਵਾਸੀਆਂ ਨੇ ਵਿਧਾਇਕ ਅਤੇ ਮੇਅਰ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਲਾਕੇ ਦੀਆਂ ਜਰੂਰਤਾਂ ਨੂੰ ਸਮਝਦੇ ਹੋਏ ਤੁਰੰਤ ਕਾਰਵਾਈ ਕੀਤੀ। ਲੋਕਾਂ ਨੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਸ਼ਹਿਰ ਨੂੰ ਹੋਰ ਸੁਵਿਧਾਜਨਕ ਅਤੇ ਖੂਬਸੂਰਤ ਬਣਾਉਣ ਲਈ ਅਜੇ ਹੋਰ ਵੀ ਕਈ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।ਇਸ ਮੌਕੇ ਸ. ਕੋਹਲੀ ਨੇ ਕਿਹਾ ਕਿ “ਅਸੀਂ ਪਟਿਆਲਾ ਨੂੰ ਸਾਫ਼, ਸੁੰਦਰ ਤੇ ਵਿਕਸਤ ਸ਼ਹਿਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਲੋਕਾਂ ਦੇ ਸਹਿਯੋਗ ਨਾਲ ਹਰ ਵਾਰਡ ਵਿੱਚ ਸਮਾਨ ਵਿਕਾਸ ਕਰਨਾ ਸਾਡੀ ਪਹਿਲ ਹੈ।ਇਸ ਮੌਕੇ ਵਾਰਡ ਨੰਬਰ 49 ਤੋਂ ਐਮ.ਸੀ. ਨੇਹਾ ਸਿੱਧੂ ਤੋਂ ਇਲਾਵਾ ਇਲਾਕਾ ਨਿਵਾਸੀ ਮੌਜੂਦ ਸਨ।