ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਅੰਮ੍ਰਿਤਸਰ: ਰੁਜ਼ਗਾਰ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੀ.ਐਸ.ਪੀ.ਸੀ.ਐਲ. (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਸਮਾਰੋਹ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ‘ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਮਹਿਮਾਨ ਸਨ।ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 56,856 ਭਰਤੀਆਂ ਕੀਤੀਆਂ ਹਨ। ਇਨ੍ਹਾਂ 2,200 ਨਵੇਂ ਕਰਮਚਾਰੀਆਂ ਦੇ ਸ਼ਾਮਲ ਹੋਣ ਨਾਲ, ਇਹ ਅੰਕੜਾ 59,962 ਹੋ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ 59,962 ਨੌਕਰੀਆਂ ਪੈਦਾ ਕੀਤੀਆਂ ਗਈਆਂ ਹਨ, ਜੋ ਬਿਨਾਂ ਕਿਸੇ ਨਕਦ ਰਾਸ਼ੀ ਅਤੇ ਸਿਫਾਰਿਸ਼ ਦੇ ਦਿੱਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਤੁਸੀਂ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਮਿਹਨਤ ਨਾਲ ਅੱਜ ਇਹ ਮੁਕਾਮ ਹਾਸਲ ਕੀਤਾ ਹੈ।ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਨੂੰ ਕਿਹਾ ਕਿ ਸਿੱਖਣ ਦੀ ਕੋਈ ਉਮਰ ਜਾਂ ਸਥਾਨ ਨਹੀਂ ਹੁੰਦਾ, ਇਸ ਲਈ ਤੁਹਾਨੂੰ ਹਮੇਸ਼ਾ ਸਿੱਖਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਉਨ੍ਹਾਂ ਨੂੰ ਖੁਸ਼ ਦੇਖ ਕੇ ਵੀ ਖੁਸ਼ ਹਨ। ਉਨ੍ਹਾਂ ਕਿਹਾ, “ਮੈਨੂੰ ਪੂਰਾ ਭਰੋਸਾ ਹੈ ਕਿ ਤੁਸੀਂ ਇਸ ਨੌਕਰੀ ਨੂੰ ਬਦਨਾਮੀ ਲਈ ਨਹੀਂ ਵਰਤੋਗੇ, ਸਗੋਂ ਆਪਣੇ ਪਰਿਵਾਰ ਅਤੇ ਦੇਸ਼ ਦਾ ਨਾਮ ਰੌਸ਼ਨ ਕਰੋਗੇ।” ਇਸ ਮੌਕੇ ‘ਤੇ ਪੀ.ਐਸ.ਪੀ.ਸੀ.ਐਲ. ਵਿੱਚ ਨਵੇਂ ਚੁਣੇ ਗਏ ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਪੈਸੇ ਜਾਂ ਸਿਫਾਰਸ਼ ਦੇ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਪੂਰੀ ਇਮਾਨਦਾਰੀ ਨਾਲ ਆਪਣੇ ਫਰਜ਼ ਨਿਭਾਉਣ ਦਾ ਵਾਅਦਾ ਕੀਤਾ।