ਪੰਜਾਬ ਵਿਜੀਲੈਂਸ ਬਿਊਰੋ ਨੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਚ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਨਾਭਾ ਜ਼ਿਲ੍ਹਾ ਪਟਿਆਲਾ ਦੀ ਮੈਕਸੀਮਮ ਸਿਕਿਓਰਿਟੀ ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਪਟਾਡਾ ਕਸਬੇ ਦੀ ਇੱਕ ਮਹਿਲਾ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਕੇਂਦਰੀ ਜੇਲ੍ਹ ਨਾਭਾ ਵਿੱਚ ਬੰਦ ਉਸਦੇ ਪਤੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ 20,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ।ਬਾਅਦ ਵਿੱਚ, ਸ਼ਿਕਾਇਤ ਕਰਤਾ ਨੇ ਗੂਗਲ ਪੇਅ ਰਾਹੀਂ 10,000 ਰੁਪਏ ਰਿਸ਼ਵਤ ਵਜੋਂ ਤਬਦੀਲ ਕੀਤੇ। ਬੁਲਾਰੇ ਨੇ ਕਿਹਾ ਕਿ ਜਾਂਚ ਤੋਂ ਬਾਅਦ, ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚ ਪਾਏ ਗਏ ਅਤੇ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ, ਮੁਲਜ਼ਮ ਫਰਾਰ ਸੀ ਅਤੇ ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਉਸਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ।