ਪੰਜਾਬ ਦੇ ਵੱਖ-ਵੱਖ ਡੈਮਾਂ ‘ਚ ਪਾਣੀ ਦੇ ਲਗਾਤਾਰ ਵੱਧੇ ਕਾਰਣ ਟੁੱਟਿਆ 37 ਸਾਲਾਂ ਦਾ ਰਿਕਾਰਡ
ਜਲੰਧਰ : ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦਾ ਪਾਣੀ ਓਵਰਫਲੋ ਹੋ ਰਿਹਾ ਹੈ। ਭਾਖੜਾ, ਗੋਬਿੰਦ ਸਾਗਰ ਝੀਲ, ਪੋਂਗ ਡੈਮ ਸਮੇਤ ਪੰਜਾਬ ਦੇ ਵੱਖ-ਵੱਖ ਡੈਮਾਂ ਵਿੱਚ ਪਾਣੀ ਲਗਾਤਾਰ ਵੱਧ ਰਿਹਾ ਹੈ ਜੋ ਕਿ ਖ਼ਤਰੇ ਦਾ ਸੰਕੇਤ ਬਣਦਾ ਜਾ ਰਿਹਾ ਹੈ। ਹੜ੍ਹਾਂ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ 37 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। 1988 ਤੋਂ ਬਾਅਦ ਪਹਿਲੀ ਵਾਰ ਅਜਿਹੀ ਗੰਭੀਰ ਹੜ੍ਹ ਦੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਡੈਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਾਰਨ ਪਿੰਡ ਪਾਣੀ ਵਿੱਚ ਡੁੱਬ ਗਏ ਹਨ।ਸਰਹੱਦੀ ਜ਼ੋਨ (ਅੰਮ੍ਰਿਤਸਰ) ਦੇ ਨੇੜੇ ਹਿਮਾਚਲ ਅਤੇ ਜੰਮੂ-ਕਸ਼ਮੀਰ ਨਾਲ ਲੱਗਦੇ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਬਹੁਤ ਮਾੜੀ ਹੈ। ਜੰਮੂ ਰੂਟ ‘ਤੇ ਸੈਂਕੜੇ ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ। ਸਥਿਤੀ ਅਜਿਹੀ ਹੈ ਕਿ ਕਈ ਜ਼ਿਲ੍ਹਿਆਂ ਦੇ ਲੋਕ ਆਪਣੇ ਘਰ ਛੱਡਣ ਲਈ ਮਜਬੂਰ ਹੋ ਗਏ ਹਨ। ਜੇਕਰ ਮੀਂਹ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਵੀ ਵਿਗੜ ਸਕਦੀ ਹੈ।