ਪੰਜਾਬ ਸਰਕਾਰ ਨੇ ਸਾਰੀਆਂ ਅਨਾਜ ਮੰਡੀਆਂ ਨੂੰ ਖੋਲ੍ਹਣ ਲਈ ਇੱਕ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਫਸਲਾਂ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਵਿਕਰੀ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ ਖੋਲ੍ਹਣ ਲਈ ਇੱਕ ਵਿਸ਼ੇਸ਼ 5 ਦਿਨਾਂ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦਾ ਉਦੇਸ਼ ਸੋਨੀ ਖਰੀਦ ਸੀਜ਼ਨ ਲਈ ਸਾਰੀਆਂ ਮੰਡੀਆਂ ਨੂੰ ਖੜ੍ਹੇ ਪਾਣੀ ਅਤੇ ਗਾਦ ਨੂੰ ਸਾਫ਼ ਕਰਕੇ ਪੂਰੀ ਤਰ੍ਹਾਂ ਕਾਰਜਸ਼ੀਲ ਬਣਾਉਣਾ ਹੈ।ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਮੁਹਿੰਮ, ਜੋ ਕਿ ਐਤਵਾਰ ਤੋਂ ਸ਼ੁਰੂ ਹੋਵੇਗੀ, ਵਿਸ਼ੇਸ਼ ਤੌਰ ‘ਤੇ ਉਨ੍ਹਾਂ ਜ਼ਿਲ੍ਹਿਆਂ ‘ਤੇ ਕੇਂਦ੍ਰਿਤ ਹੈ ਜਿੱਥੇ ਮੰਡੀਆਂ ਖੜ੍ਹੇ ਪਾਣੀ ਅਤੇ ਗਾਦ ਨਾਲ ਪ੍ਰਭਾਵਿਤ ਹਨ। ਉਨ੍ਹਾਂ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੰਡੀ ਅਧਿਕਾਰੀਆਂ (ਡੀ.ਐਮ.ਓਜ਼.) ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਯਤਨਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਪ੍ਰਭਾਵਿਤ ਮੰਡੀਆਂ 19 ਸਤੰਬਰ, 2025 ਤੱਕ ਪੂਰੀ ਤਰ੍ਹਾਂ ਬਹਾਲ ਅਤੇ ਕਾਰਜਸ਼ੀਲ ਹੋਣ।