ਕੇਂਦਰ ਸਰਕਾਰ ਨੇ ਪੰਜਾਬ ਲਈ SPRF ਤੋਂ 240 ਕਰੋੜ ਰੁਪਏ ਦੀ ਅਗਾਊਂ ਕਿਸ਼ਤ ਕੀਤੀ ਜਾਰੀ

ਚੰਡੀਗੜ੍ਹ: ਪੰਜਾਬ ਲਈ ਕੇਂਦਰ ਸਰਕਾਰ ਨੇ ਵੱਡੀ ਰਾਹਤ ਦੀ ਖ਼ਬਰ ਲਿਆਂਦੀ ਹੈ। ਦਰਅਸਲ , ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਰਾਜਾਂ ਦੀ ਸਹਾਇਤਾ ਲਈ, ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਪੰਜਾਬ ਲਈ ਵੀ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SPRF) ਤੋਂ 240 ਕਰੋੜ ਰੁਪਏ ਦੀ ਅਗਾਊਂ ਕਿਸ਼ਤ ਜਾਰੀ ਕੀਤੀ ਹੈ।ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਰਕਮ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ ਜਾਰੀ ਕੀਤੀ ਗਈ ਹੈ। ਭਾਰਤੀ ਰਿਜ਼ਰਵ ਬੈਂਕ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਇਸ ਰਕਮ ਨੂੰ ਤੁਰੰਤ ਰਾਜ ਸਰਕਾਰ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਵੇ ਤਾਂ ਜੋ ਇਸਦੀ ਸਮੇਂ ਸਿਰ ਵਰਤੋਂ ਕੀਤੀ ਜਾ ਸਕੇ। ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਚੱਲ ਰਹੇ ਰਾਹਤ ਕਾਰਜਾਂ ਵਿੱਚ ਕੋਈ ਵਿਘਨ ਨਾ ਪਵੇ ਇਸ ਲਈ ਇਹ ਵਿੱਤੀ ਸਹਾਇਤਾ ਦਿੱਤੀ ਗਈ ਹੈ ।ਜ਼ਿਕਰਯੋਗ ਹੈ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਰਾਜ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (RKVY) ਤਹਿਤ 151 ਕਰੋੜ ਰੁਪਏ ਜਾਰੀ ਕੀਤੇ ਜਾਣ। ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਇਸ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਰਾਜ ਸਰਕਾਰ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਪੁਨਰਵਾਸ ਦੇ ਯਤਨ ਜਾਰੀ ਹਨ।