ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ : ਡਾ. ਪ੍ਰੀਤੀ ਯਾਦਵ
ਪਟਿਆਲਾ : ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 14 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਸਾਰੇ ਰਿਟਰਨਿੰਗ ਅਧਿਕਾਰੀਆਂ ਤੇ ਡੀ.ਐਸ.ਪੀਜ ਨਾਲ ਇੱਕ ਅਹਿਮ ਕਰਕੇ ਪੁਰ-ਅਮਨ, ਨਿਰਪੱਖ, ਸੁਤੰਤਰ, ਪਾਰਦਰਸ਼ੀ ਤੇ ਨਿਰਵਿਘਨ ਢੰਗ ਨਾਲ ਚੋਣਾਂ ਕਰਵਾਉਣ ਬਾਰੇ ਰਾਜ ਚੋਣ ਕਮਿਸ਼ਨ ਦੀਆਂ ਤਾਜ਼ਾ ਹਦਾਇਤਾਂ ਤੋਂ ਜਾਣੂ ਕਰਵਾਇਆ।ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਸਮੁੱਚਾ ਚੋਣ ਅਮਲਾ ਨਿਰਪੱਖ ਰਹਿ ਕੇ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਏ ਅਤੇ ਲੋਕਾਂ ਦਾ ਚੋਣ ਕਮਿਸ਼ਨ ਵਿੱਚ ਬਣਿਆ ਭਰੋਸਾ ਕਿਸੇ ਵੀ ਕੀਮਤ ‘ਤੇ ਨਹੀਂ ਟੁੱਟਣਾ ਚਾਹੀਦਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ।ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਯੋਜਨਾ ਬੱਧ ਢੰਗ ਨਾਲ ਡਿਊਟੀਆਂ ਨਿਭਾਉਣ ਤਾਂ ਕਿ ਇਹ ਚੋਣਾਂ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਈਆਂ ਜਾ ਸਕਣ ਅਤੇ ਕਿਸੇ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਨੂੰ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਤੇ ਸੁਤੰਤਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 1341 ਪੋਲਿੰਗ ਬੂਥਾਂ ‘ਤੇ ਕਰੀਬ 9000 ਚੋਣ ਅਮਲੇ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਅਤੇ 13 ਦਸੰਬਰ ਨੂੰ ਸਾਰੀ ਚੋਣ ਸਮੱਗਰੀ ਦੇ ਕੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਜਾਵੇਗਾ ਅਤੇ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੁਆਈਆਂ ਜਾਣਗੀਆਂ। ਉਨ੍ਹਾਂ ਸਮੂਹ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਦੇ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਨਿਰਪੱਖ ਤੇ ਸੁਤੰਤਰ ਚੋਣਾਂ ਕਰਵਾਉਣ ਲਈ ਸੀ.ਸੀ.ਟੀ.ਵੀ ਕੈਮਰੇ, ਵੀਡੀਓਗ੍ਰਾਫ਼ੀ ਸਮੇਤ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੋਟਾਂ ਪੁਆਉਣ ਲਈ ਚੋਣ ਅਮਲੇ ਨੂੰ ਰਵਾਨਾ ਕਰਨ ਤੇ ਵੋਟਾਂ ਪੈਣ ਮਗਰੋਂ ਵੋਟ ਬਕਸੇ ਤੇ ਹੋਰ ਸਮੱਗਰੀ ਪ੍ਰਾਪਤ ਕਰਨ ਦੇ ਸਥਾਨ, ਸਟਰਾਂਗ ਰੂਮਜ ਸਮੇਤ ਸਮੁੱਚੀ ਚੋਣ ਪ੍ਰਕ੍ਰਿਆ ਨੇਪਰੇ ਚੜ੍ਹਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਧਿਕਾਰੀਆਂ ਵੱਲੋਂ ਕੀਤੇ ਗਏ ਪ੍ਰਬੰਧਾਂ ‘ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਆਪਸੀ ਤਾਲਮੇਲ ਬਣਾ ਕੇ ਆਪਣੀ ਜਿੰਮੇਵਾਰੀ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਆਨਲਾਈਨ ਵੀ.ਸੀ. ਦੌਰਾਨ ਸਮੂਹ ਰਿਟਰਨਿੰਗ ਅਧਿਕਾਰੀ, ਡੀ.ਐਸ.ਪੀਜ ਤੇ ਸਹਾਇਕ ਰਿਟਰਨਿੰਗ ਅਧਿਕਾਰੀ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
SikhDiary