ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਰੇਕ ਸਾਈਟ ‘ਤੇ ਸੜਕ ਸੁਰੱਖਿਆ ਦੇ ਕੰਮ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਲਿੰਕ ਸੜਕਾਂ ਸਮੇਤ ਹਰ ਪੱਧਰ ‘ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਕੈਬਨਿਟ ਮੰਤਰੀ ਇੱਥੇ ਵੱਖ-ਵੱਖ ਯੋਜਨਾਵਾਂ, ਜਿਨ੍ਹਾਂ ਤਹਿਤ ਲੋਕ ਨਿਰਮਾਣ ਵਿਭਾਗ ਵੱਲੋਂ ਇਹ ਕੰਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ, ਦੀ ਸਮੁੱਚੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਸਨ।