ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਆਦੇਸ਼ ਕੀਤਾ ਜਾਰੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ, ਫਿਲਮਾਂ ਅਤੇ ਗੈਰ-ਗੁਰਦੁਆਰਾ ਸਥਾਨਾਂ ‘ਤੇ ਅਨੰਦ ਕਾਰਜ ਸਮਾਗਮਾਂ ਦੇ ਆਯੋਜਨ ਨਾਲ ਸਬੰਧਤ ਮਾਮਲਿਆਂ ਬਾਰੇ ਫ਼ੈਸਲੇ ਲਏ ਗਏ। ਮੀਟਿੰਗ ਦੀ ਪ੍ਰਧਾਨਗੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ।ਮੀਟਿੰਗ ਵਿੱਚ ਕਿਹਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ, ਸੰਵਿਧਾਨਕ ਸੰਸਥਾ ਹੈ, ਅਤੇ ਕਿਸੇ ਵੀ ਸਰਕਾਰ ਨੂੰ ਸਿੱਖ ਧਰਮ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ। ਪੰਜ ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਬੰਦ ਨਾ ਕੀਤੀ ਗਈ ਤਾਂ ਪੰਥਕ ਪਰੰਪਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।328 ਪਵਿੱਤਰ ਸਰੂਪਾਂ ਦੇ ਮੁੱਦੇ ਬਾਰੇ ਸਿੰਘ ਸਾਹਿਬਾਨ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਨੂੰ ਸਰਕਾਰ ਜਾਂ ਪੁਲਿਸ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਜਾਂ ਪੁਲਿਸ ਵੱਲੋਂ ਕੋਈ ਵੀ ਸਹਿਯੋਗ ਪੰਥਕ ਹਿੱਤ ਵਿੱਚ ਨਹੀਂ ਹੈ।ਪੰਜ ਸਿੰਘ ਸਾਹਿਬਾਨ ਨੇ ਇਹ ਵੀ ਦੁਹਰਾਇਆ ਕਿ ਮੈਰਿਜ ਪੈਲੇਸਾਂ, ਰਿਜ਼ੋਰਟਾਂ, ਬੀਚਾਂ, ਫਾਰਮ ਹਾਊਸਾਂ ਜਾਂ ਹੋਰ ਵਪਾਰਕ ਸਥਾਨਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਅਨੰਦ ਕਾਰਜ ਸਮਾਰੋਹ ਕਰਵਾਉਣ ਦੀ ਸਖ਼ਤ ਮਨਾਹੀ ਹੈ। ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਮਾਂ ਅਤੇ ਡਿਜੀਟਲ ਸਮੱਗਰੀ ਬਾਰੇ ਵੀ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ।ਸਿੰਘ ਸਾਹਿਬਾਨ ਨੇ ਸਪੱਸ਼ਟ ਕੀਤਾ ਕਿ ਸਿੱਖ ਮਹਾਂਪੁਰਖਾਂ, ਸ਼ਹੀਦਾਂ, ਸਿੱਖ ਇਤਿਹਾਸ ਅਤੇ ਸਿੱਖ ਰਸਮਾਂ ਨੂੰ ਦਰਸਾਉਂਦੀਆਂ ਫਿਲਮਾਂ, ਐਨੀਮੇਸ਼ਨ ਜਾਂ ਏ.ਆਈ ਵੀਡੀਓ ਬਣਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਹੁਕਮ ਵੱਡੇ ਫਿਲਮ ਨਿਰਮਾਤਾਵਾਂ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਉਨ੍ਹਾਂ ਨੂੰ ਬਿਨਾਂ ਇਜਾਜ਼ਤ ਦੇ ਸਿੱਖ ਇਤਿਹਾਸ ‘ਤੇ ਕੋਈ ਵੀ ਫਿਲਮ ਨਾ ਬਣਾਉਣ ਦੀ ਹਦਾਇਤ ਕੀਤੀ ਗਈ ਹੈ।