ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਵਿਸ਼ੇਸ਼ ਅਪੀਲ
ਪੰਜਾਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵਿਸ਼ੇਸ਼ ਅਪੀਲ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 15 ਜਨਵਰੀ ਨੂੰ ਜਦੋਂ ਉਹ ਆਪਣਾ ਪੱਖ ਅਤੇ ਪੂਰਾ ਲੇਖਾ-ਜੋਖਾ ਪੇਸ਼ ਕਰਨ , ਇਸ ਪ੍ਰਕਿਰਿਆ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ । ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਨਿਰਧਾਰਤ ਮਿਤੀ ‘ਤੇ ਸਾਰੇ ਜ਼ਰੂਰੀ ਦਸਤਾਵੇਜ਼ਾਂ ਅਤੇ ਸਬੂਤਾਂ ਸਮੇਤ ਆਪਣਾ ਸਪੱਸ਼ਟੀਕਰਨ ਪੇਸ਼ ਕਰਨਗੇ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਅਤੇ ਵਿਦੇਸ਼ਾਂ ਤੋਂ ਲਗਾਤਾਰ ਸੁਨੇਹੇ ਮਿਲ ਰਹੇ ਹਨ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ 15 ਜਨਵਰੀ ਦੀ ਪੂਰੀ ਕਾਰਵਾਈ ਦਾ ਸਾਰੇ ਨਿਊਜ਼ ਚੈਨਲਾਂ ‘ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਉਹ ਜਥੇਦਾਰ ਸਾਹਿਬ ਨੂੰ ਬੇਨਤੀ ਕਰਦੇ ਹਨ ਕਿ ਉਹ ਸਾਰੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਬਣਾਈ ਰੱਖਣ ਲਈ ਆਪਣੇ ਬਿਆਨ ਅਤੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕਰਨ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਇਸ ਨਾਲ ਸੰਗਤ ਹਰ ਪਲ ਸੂਚਿਤ ਰਹਿ ਸਕੇਗੀ ਅਤੇ ਪੈਸੇ ਨਾਲ ਸਬੰਧਤ ਹਰ ਵੇਰਵੇ ਨੂੰ ਦੇਖ ਅਤੇ ਸਮਝ ਸਕੇਗੀ। ਉਨ੍ਹਾਂ ਦੁਹਰਾਇਆ ਕਿ ਉਹ 15 ਜਨਵਰੀ ਨੂੰ ਸਾਰੇ ਤੱਥਾਂ ਅਤੇ ਸਬੂਤਾਂ ਨਾਲ ਹਾਜ਼ਰ ਰਹਿਣਗੇ।
SikhDiary