ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦਾ ਕਹਿਰ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ

ਜਲੰਧਰ : ਪੰਜਾਬ ਵਿੱਚ ਠੰਢ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਸਬੰਧੀ ਇੱਕ ਨਵੀਂ ਅਪਡੇਟ ਸਾਂਝੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ 11 ਜਨਵਰੀ ਤੱਕ ਵੱਡਾ ਅਨੁਮਾਨ ਲਗਾਇਆ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਸਮੇਤ ਕਈ ਰਾਜਾਂ ਦੇ ਲਈ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗੀ ਅਲਰਟ ਦੇ ਅਨੁਸਾਰ, 11 ਜਨਵਰੀ ਤੱਕ ਪੰਜਾਬ ਵਿੱਚ ਯੈਲੋ ਅਲਰਟ ਰਹੇਗਾ, ਅਤੇ ਦਿਨ ਵੇਲੇ ਸੰਘਣੀ ਧੁੰਦ, ਕੋਲਡ ਵੇਵ ਅਤੇ ਠੰਢ ਦੇ ਪ੍ਰਭਾਵ ਵਧਣਗੇ। ਇਸ ਦੇ ਨਾਲ ਹੀ ਠੰਢੀਆਂ ਹਵਾਵਾਂ ਵੀ ਚੱਲਣਗੀਆਂ।ਮੌਸਮ ਵਿਭਾਗ ਵੱਲੋਂ ਦਿੱਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ, 7 ਅਤੇ 8 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ, ਸੰਗਰੂਰ, ਬਰਨਾਲਾ ਅਤੇ ਮੋਗਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਰਹੇਗਾ। ਇਸ ਦੌਰਾਨ, 9 ਜਨਵਰੀ ਨੂੰ ਰਾਜ ਭਰ ਵਿੱਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਰਹੇਗਾ। ਇਸ ਤੋਂ ਇਲਾਵਾ, 10 ਅਤੇ 11 ਜਨਵਰੀ ਨੂੰ ਕੁਝ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ।