ਰੂਪਨਗਰ ਤੇ ਸ੍ਰੀ ਆਨੰਦਪੁਰ ਸਾਹਿਬ ਦੇ ਕੋਰਟ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਰੂਪਨਗਰ/ਸ੍ਰੀ ਆਨੰਦਪੁਰ ਸਾਹਿਬ : ਫ਼ਿਰੋਜ਼ਪੁਰ ਅਤੇ ਮੋਗਾ ਕੋਰਟ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਰੂਪਨਗਰ (ਰੋਪੜ) ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਕੋਰਟ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਸੈਸ਼ਨ ਕੋਰਟ ਦੀ ਅਧਿਕਾਰਤ ਈ-ਮੇਲ ਆਈ.ਡੀ. ‘ਤੇ ਧਮਕੀ ਭਰਿਆ ਮੇਲ ਪ੍ਰਾਪਤ ਹੋਇਆ, ਜਿਸ ਤੋਂ ਬਾਅਦ ਤੁਰੰਤ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕੀਤਾ ਗਿਆ ਅਤੇ ਸਾਵਧਾਨੀ ਵਜੋਂ ਦੋਵਾਂ ਥਾਵਾਂ ‘ਤੇ ਅਦਾਲਤੀ ਕੰਪਲੈਕਸਾਂ ਨੂੰ ਖਾਲੀ ਕਰਵਾ ਲਿਆ ਗਿਆ।ਸੂਚਨਾ ਮਿਲਦੇ ਹੀ, ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਸਵੇਰੇ ਦੇ ਸਮੇਂ ਅਦਾਲਤ ਵਿੱਚ ਮੌਜੂਦ ਵਕੀਲਾਂ, ਸਟਾਫ ਅਤੇ ਹੋਰਾਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਤੋਂ ਬਾਅਦ, ਪੁਲਿਸ ਟੀਮਾਂ, ਸਾਬੋਟੇਜ ਵਿਰੋਧੀ ਅਤੇ ਬੰਬ ਨਿਰੋਧਕ ਦਸਤੇ ਦੇ ਨਾਲ, ਮੌਕੇ ‘ਤੇ ਪਹੁੰਚੀਆਂ ਅਤੇ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।ਪੁਲਿਸ ਅਧਿਕਾਰੀਆਂ ਅਨੁਸਾਰ ਧਮਕੀ ਵਿੱਚ ਲਿਖੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਨੂਅਲ ਅਤੇ ਤਕਨੀਕੀ ਤਰੀਕਿਆਂ ਨਾਲ ਕੋਰਟ ਕੰਪਲੈਕਸ ਦੇ ਅੰਦਰ ਅਤੇ ਬਾਹਰ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਦੇ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ। ਦੋਹਾਂ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਹਾਲਾਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਅਤੇ ਅੱਗੇ ਦੀ ਜਾਣਕਾਰੀ ਦਾ ਇਤਜ਼ਾਰ ਕੀਤਾ ਜਾ ਰਿਹਾ ਹੈ।