ਸਿੱਖ ਕਤਲੇਆਮ ਮਾਮਲੇ ਦੀ ਸੁਣਵਾਈ ਰੋਜ਼ਾਨਾ ਕੀਤੇ ਜਾਣ ਦੀ ਮੰਗ

ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੇ ਮਾਮਲੇ ਵਿੱਚ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਨੇ ਕਤਲੇਆਮ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਰੋਜ਼ਾਨਾ ਕੀਤੇ ਜਾਣ ਦੀ ਮੰਗ ਕੀਤੀ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੀਬੀਆਈ ਦੀ ਜਾਂਚ ਮਗਰੋਂ ਜਦ ਤੋਂ ਟਾਈਟਲਰ ਖ਼ਿਲਾਫ਼ ਅਦਾਲਤੀ ਸੁਣਵਾਈ ਸ਼ੁਰੂ ਹੋਈ ਹੈ, ਉਸ ਵੇਲੇ ਤੋਂ ਹੀ ਕੇਸ ਨੂੰ ਲਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੀਬੀ ਜਗਦੀਸ਼ ਕੌਰ ਨੇ ਦੱਸਿਆ ਕਿ ਜਦ ਇਸ ਕੇਸ ਦੀ ਸੁਣਵਾਈ ਦਿੱਲੀ ਹਾਈ ਕੋਰਟ ਦੀ ਵਧੀਕ ਮੁੱਖ ਜੱਜ ਦੀ ਅਦਾਲਤ ਵਿੱਚ ਕੁਝ ਅੱਗੇ ਤੁਰੀ ਤਾਂ ਸਰਕਾਰ ਵੱਲੋਂ ਜੱਜ ਦਾ ਤਬਾਦਲਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕੇਸ ਇੱਕੋ ਜੱਜ ਕੋਲ ਹੀ ਰਹਿਣਾ ਚਾਹੀਦਾ ਹੈ ਕਿਉਂਕਿ ਉਹ ਕੇਸ ਦੀਆਂ ਬਾਰੀਕੀਆਂ ਨੂੰ ਚੰਗੀ ਤਰ੍ਹਾਂ ਜਾਣ ਸਕਦਾ ਹੈ। ਬੀਬੀ ਜਗਦੀਸ਼ ਕੌਰ ਨੇ ਕਤਲੇਆਮ ਨਾਲ ਜੁੜੇ ਪੁਰਾਣੇ ਮਾਮਲਿਆਂ ਨੂੰ ਮੁੜ ਖੋਲ੍ਹਣ ਅਤੇ ਨਿਆਂਇਕ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪਿਛਲੇ 34 ਸਾਲਾਂ ਤੋਂ ਚੱਲ ਰਹੇ ਮਾਮਲਿਆਂ ਵਿੱਚ ਨਿਆਂ ਮਿਲਣ ਦੀ ਆਸ ਹੁਣ ਮੱਧਮ ਪੈਂਦੀ ਜਾ ਰਹੀ ਹੈ। ਉਨ੍ਹਾਂ ਆਪਣੇ ਵਕੀਲ ਰਾਹੀਂ ਅਦਾਲਤ ਕੋਲ ਬੇਨਤੀ ਵੀ ਕੀਤੀ ਹੈ ਕਿ ਜੇਕਰ ਨਿਆਂਪਾਲਿਕਾ ਨਵੰਬਰ-1984 ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦੇਣਾ ਚਾਹੁੰਦੀ ਹੈ ਤਾਂ ਉਹ ਕਤਲੇਆਮ ਨਾਲ ਜੁੜੇ ਕੇਸਾਂ ਦੀ ਸੁਣਵਾਈ ਰੋਜ਼ਾਨਾ ਕਰਨਾ ਯਕੀਨੀ ਬਣਾਵੇ ਕਿਉਂਕਿ ਐਨਾ ਲੰਮਾ ਸਮਾਂ ਗਵਾਹਾਂ ਅਤੇ ਸਬੂਤਾਂ ਨੂੰ ਸੰਭਾਲ ਕੇ ਰੱਖਣਾ ਮੁਸ਼ਕਲ ਹੈ।