ਜਲੰਧਰ ਦਿਹਾਤੀ ਪੁਲਿਸ ਨੇ ਬੇਅਦਬੀ ਘਟਨਾ ਦੇ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ: ਜਲੰਧਰ ਦੇ ਗੁਰਾਇਆ ਬਲਾਕ ਦੇ ਪਿੰਡ ਮਹਿਲ ਕਲਾਂ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਇੱਕ ਗੰਭੀਰ ਘਟਨਾ ਵਾਪਰੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਬੇਅਦਬੀ ਘਟਨਾ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਜਾਣਕਾਰੀ ਦਾ ਖੁਲਾਸਾ ਕਰਦਿਆਂ ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਕੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਅੱਗੇ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਤਣਾਅ ਨਹੀਂ ਹੈ। ਜਲੰਧਰ ਦਿਹਾਤੀ ਪੁਲਿਸ ਸ਼ਾਂਤੀ, ਭਾਈਚਾਰਕ ਸਦਭਾਵਨਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਲਾਕੇ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ।
SikhDiary