ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ 27 ਜਨਵਰੀ ਨੂੰ SYL ਮੁੱਦੇ ‘ਤੇ ਕਰਨਗੇ ਬੈਠਕ

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਇੱਕ ਵਾਰ ਫਿਰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਬੈਠਕ 27 ਜਨਵਰੀ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਮੀਟਿੰਗ ਵਿੱਚ ਕੋਈ ਵੀ ਕੇਂਦਰ ਦਾ ਕੋਈ ਮੰਤਰੀ ਸ਼ਾਮਲ ਨਹੀਂ ਹੋਵੇਗਾ। ਇਸ ਵਿੱਚ ਸਿਰਫ਼ ਹਰਿਆਣਾ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਦੋਵਾਂ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ।ਇਸ ਤੋਂ ਪਹਿਲਾਂ ਵੀ SYL ਵਿਵਾਦ ਨੂੰ ਹੱਲ ਕਰਨ ਦੇ ਲਈ ਜੁਲਾਈ, ਅਗਸਤ ਅਤੇ ਨਵੰਬਰ 2025 ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਪ੍ਰਧਾਨਗੀ ਹੇਠ ਦਿੱਲੀ ਵਿੱਚ ਬੈਠਕ ਹੋ ਚੁੱਕੀ ਹੈ।ਨਵੰਬਰ ਵਿੱਚ ਹੋਈ ਬੈਠਕ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ‘ਤੇ ਕੇਂਦਰ ਸਰਕਾਰ ਵਿਚੋਲਗੀ ਤੋਂ ਪਿੱਛੇ ਹਟਦੀ ਦਿਖਾਈ ਦੇ ਰਹੇ ਹਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ, ਕੇਂਦਰ ਨੇ ਆਪਣੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਦਰਮਿਆਨ ਪੰਜ ਦੌਰ ਦੀਆਂ ਦੁਵੱਲੀਆਂ ਮੀਟਿੰਗਾਂ ਕੀਤੀਆਂ ਪਰ ਇਨ੍ਹਾਂ ਵਿੱਚੋਂ ਕਿਸੇ ਦਾ ਵੀ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਹੈ। ਇਸ ਤੋਂ ਪਹਿਲਾਂ, ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਐਸ.ਵਾਈ.ਐਲ. ਨਹਿਰ ਦੇ ਮੁੱਦੇ ‘ਤੇ ਚਰਚਾ ਕਰਨ ਅਤੇ ਹੱਲ ਲੱਭਣ ਦੀ ਅਪੀਲ ਕੀਤੀ ਸੀ। 17 ਨਵੰਬਰ ਨੂੰ ਫਰੀਦਾਬਾਦ ਵਿੱਚ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਰਿਆਈ ਪਾਣੀ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਸੀ।