SIT ਵੱਲੋਂ ਚਲਾਨ ਪੇਸ਼, ਸੁਖਬੀਰ, ਸੈਣੀ ਤੇ ਡੇਰਾ ਮੁੱਖੀ ਨੇ ਰਚੀ ਸੀ ਬੇਅਦਬੀ ਦੀ ਸਾਜਿਸ਼

ਪੰਜਾਬ ਵਿਚ ਸਾਲ 2015 ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੀ ਐਸਆਈਟੀ ਵੱਲੋਂ ਬੀਤੇ ਦਿਨੀਂ ਚਲਾਨ ਪੇਸ਼ ਕੀਤਾ ਜਾ ਚੁੱਕਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐਸਆਈਟੀ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿਚ ਬੇਅਦਬੀਆਂ ਦੀ ਸਾਜਿਸ਼ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਨੇ ਮਿਲਕੇ ਰਚੀ ਸੀ।   ਪੇਸ਼ ਕੀਤੇ ਗਏ ਚਲਾਨ ਵਿਚ ਇਹ ਵੀ ਦਾਅਵਾ ਕੀਤਾ ਗਿਆ ਕਿ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਨਾਲ ਸੁਖਬੀਰ ਬਾਦਲ ਦੀ ਮੁਲਾਕਾਤ ਫਿਲਮ ਆਦਾਕਾਰ ਅਕਸ਼ੈ ਕੁਮਾਰ ਨੇ ਕਰਵਾਈ ਸੀ।  ਇਹ ਵੀ ਕਿਹਾ ਕਿ ਗਿਆ ਹੈ ਕਿ ਬੇਅਦਬੀਆਂ ਤੋਂ ਪਹਿਲਾਂ ਸੂਹੀਆ ਵਿਭਾਗ ਦੇ ਮੁੱਖੀ ਦੀ ਬਦਲੀ ਕਰ ਦਿੱਤੀ ਸੀ।  ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। ਜਿਸ ਤੋਂ ਬਾਅਦ ਸਿੱਖ ਸੰਗਤਾਂ ਵਿਚ ਵੱਡੀ ਪੱਧਰ ਉਤੇ ਗੁੱਸਾ ਪਾਇਆ ਗਿਆ। ਇਸ ਤੋਂ ਬਾਅਦ ਸਿੱਖ ਸੰਗਤਾਂ ਵੱਲੋਂ ਇਸ ਸਬੰਧੀ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਬਰਗਾੜੀ ਵਿਖੇ ਗੋਲੀ ਚਲਾਈ ਗਈ ਜਿਸ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਉਣ ਉਤੇ ਸਰਕਾਰ ਨੇ ਐਸਆਈਟੀ ਦਾ ਗਠਨ ਕੀਤਾ, ਜੋ ਹੁਣ ਬੇਅਦਬੀ ਮਾਮਲੇ ਅਤੇ ਗੋਲੀਕਾਂਡ ਸਬੰਧੀ ਜਾਂਚ ਕਰ ਰਹੀ ਹੈ। ਐਸਆਈਟੀ ਵੱਲੋਂ ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ ਅਤੇ ਅਕਸ਼ੈ ਕੁਮਾਰ ਤੋਂ ਪੁੱਛਗਿੱਛ ਵੀ ਕੀਤੀ ਗਈ ਸੀ।