ਪੁਲਿਸ ਦੀ ਕਾਰਵਾਈ , ਮਹਿਲਾ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ

ਲੁਧਿਆਣਾ: ਥਾਣਾ ਸਲੇਮ ਟਾਬਰੀ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਐਲ.ਡੀ.ਸੀ.ਓ. ਅਸਟੇਟ ਪੁਲਿਸ ਚੌਕੀ ਦੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਇੱਕ ਮਹਿਲਾ ਨਸ਼ਾ ਤਸਕਰੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਜਿੰਦਰ ਲਾਲ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਗਗਨਦੀਪ ਕਲੋਨੀ ਵਿੱਚ ਗਸ਼ਤ ਕਰ ਰਹੀ ਸੀ। ਜਾਂਚ ਦੌਰਾਨ ਟੀਮ ਨੇ ਸ਼ੱਕ ਦੇ ਆਧਾਰ ‘ਤੇ ਇੱਕ ਔਰਤ ਨੂੰ ਰੋਕਿਆ ਅਤੇ ਉਸ ਤੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੀ ਪਹਿਚਾਣ ਸੋਨੀਆ ਪਤਨੀ ਰੋਹਿਤ ਵਾਸੀ ਗਗਨਦੀਪ ਕਲੋਨੀ ਦੇ ਰੂਪ ਵਿੱਚ ਕੀਤੀ ਗਈ ਹੈ ।ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਵਿਰੁੱਧ ਸਲੇਮ ਟਾਬਰੀ ਥਾਣੇ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਔਰਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ। ਪੁਲਿਸ ਆਉਣ ਵਾਲੇ ਦਿਨਾਂ ਵਿੱਚ ਮਾਮਲੇ ਦੇ ਵੇਰਵੇ ਜਾਰੀ ਕਰੇਗੀ।