ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ, ਗਰਜ-ਤੂਫ਼ਾਨ ਤੇ ਮੀਂਹ ਪੈਣ ਦੀ ਸੰਭਾਵਨਾ ਜਾਰੀ
ਚੰਡੀਗੜ੍ਹ: ਕਸ਼ਮੀਰ ਵਿੱਚ ਬੀਤੇ ਦਿਨ ਹੋਈ ਤਾਜ਼ਾ ਬਰਫ਼ਬਾਰੀ ਨੇ ਪਿਛਲੇ ਕੁਝ ਦਿਨਾਂ ਵਿੱਚ ਦੂਜੀ ਵਾਰ ਘਾਟੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਤੋਂ ਕੱਟ ਦਿੱਤਾ ਹੈ। ਅਧਿਕਾਰੀਆਂ ਅਨੁਸਾਰ, ਸ਼੍ਰੀਨਗਰ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।ਉੱਤਰੀ ਭਾਰਤ ਨੂੰ ਪ੍ਰਭਾਵਿਤ ਕਰਨ ਵਾਲੀ ਪੱਛਮੀ ਗੜਬੜ ਨੇ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਨੂੰ ਤੇਜ਼ ਕਰ ਦਿੱਤਾ ਹੈ। ਸਵੇਰ ਤੋਂ ਹੀ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਦਿਨ ਭਰ ਰੁਕ-ਰੁਕ ਕੇ ਹਲਕੇ ਤੋਂ ਦਰਮਿਆਨਾ ਮੀਂਹ ਪਿਆ । ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਦਰਜ ਕੀਤੀ ਗਈ, ਜਿਸ ਨਾਲ ਠੰਢ ਹੋਰ ਤੇਜ਼ ਹੋ ਗਈ। ਪੱਛਮੀ ਗੜਬੜ ਕਾਰਨ ਪੰਜਾਬ ਅਤੇ ਆਲੇ-ਦੁਆਲੇ ਦੇ ਰਾਜਾਂ ਵਿੱਚ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਹਿਮਾਚਲ ਅਤੇ ਜੰਮੂ-ਕਸ਼ਮੀਰ ਵਿੱਚ ਬਰਫ਼ਬਾਰੀ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ।ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ, ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਪ੍ਰਭਾਵ 30 ਜਨਵਰੀ ਤੱਕ ਜਾਰੀ ਰਹੇਗਾ, ਜਿਸ ਦੇ ਮੱਦੇਨਜ਼ਰ ਪੰਜਾਬ ਵਿੱਚ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੇ ਅੰਕੜਿਆਂ ਅਨੁਸਾਰ ਤਾਪਮਾਨ ਵਿੱਚ ਲਗਭਗ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 7.7 ਡਿਗਰੀ ਸੈਲਸੀਅਸ, ਐਸ.ਬੀ.ਐਸ. ਨਗਰ ਵਿੱਚ 9.7 ਡਿਗਰੀ ਸੈਲਸੀਅਸ ਰਿਹਾ। ਜਦੋਂ ਕਿ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 18.3 ਡਿਗਰੀ ਸੈਲਸੀਅਸ ਰਿਹਾ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਅੰਕੜਿਆਂ ਅਨੁਸਾਰ, ਪਟਿਆਲਾ ਵਿੱਚ ਸਭ ਤੋਂ ਵੱਧ 29 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
SikhDiary