16 ਸਿੱਖਿਆ ਬਲਾਕਾਂ ‘ਚ ਮਾਪਿਆਂ ਨੂੰ ਜਾਗਰੂਕ ਕਰਨ ਲਈ ਦਾਖ਼ਲਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਬੀਤੇ ਦਿਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਲਈ ਦਾਖ਼ਲਾ ਮੁਹਿੰਮ–2026 ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ ਦੇ ਸਾਰੇ 16 ਸਿੱਖਿਆ ਬਲਾਕਾਂ ਨੂੰ ਕਵਰ ਕਰਦੀ ਹੋਈ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਉਤਸ਼ਾਹਿਤ ਕਰੇਗੀ।ਸਰਕਾਰੀ ਐਲਿਮੈਂਟਰੀ ਸਮਾਰਟ ਸਕੂਲ, ਮਾਡਲ ਟਾਊਨ (ਬਲਾਕ ਪਟਿਆਲਾ–3) ਵਿੱਚ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਰਜੀਤ ਵਾਲੀਆ ਨੇ ਕਿਹਾ ਕਿ ਇਸ ਦਾਖ਼ਲਾ ਮੁਹਿੰਮ ਦਾ ਮਕਸਦ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਗੁਣਵੱਤਾਪੂਰਨ ਸਿੱਖਿਆ, ਆਧੁਨਿਕ ਸਿੱਖਿਆ ਢਾਂਚੇ ਅਤੇ ਵਿਦਿਆਰਥੀ-ਮਿੱਤਰ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਕਿਉਂਕਿ ਇਹ ਸਕੂਲ ਹਰ ਪੱਖੋਂ ਨਿੱਜੀ ਸਕੂਲਾਂ ਤੋਂ ਉਤਮ ਹਨ।