ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀਆਂ ਵਧੀਆਂ ਮੁਸ਼ਕਲਾਂ
ਚੰਡੀਗੜ: ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਛੇੜਛਾੜ ਮਾਮਲੇ ‘ਚ ਵਿਧਾਇਕ ਵਲੋਂ ਦਾਇਰ ਕੀਤੀ ਸਜ਼ਾ ‘ਤੇ ਰੋਕ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਵਿਧਾਇਕ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦੱਸ ਦੇਈਏ ਕਿ ਤਰਨਤਾਰਨ ਦੀ ਜ਼ਿਲ੍ਹਾ ਸੈਸ਼ਨ ਅਦਾਲਤ ਵਲੋਂ 2013 ਦੇ ਉਸਮਾਨ ਕਾਂਡ ਕੇਸ ਦੇ ਮੱਦੇਨਜ਼ਰ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਸੀ। ਅਦਾਲਤ ਦੇ ਇਸ ਫ਼ੈਸਲੇ ਨੂੰ ਵਿਧਾਇਕ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਅੱਜ ਹਾਈਕੋਰਟ ਵਲੋਂ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।ਦੱਸ ਦੇਈਏ ਕਿ 3 ਮਾਰਚ 2013 ਨੂੰ ਪਿੰਡ ਉਸਮਾਨ ਦੀ ਇਕ ਔਰਤ ਆਪਣੇ ਪਿਤਾ, ਕਸ਼ਮੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਇਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪੰਜਾਬ ਇੰਟਰਨੈਸ਼ਨਲ ਪੈਲੇਸ ਪਹੁੰਚੀ ਸੀ। ਪੀੜਤਾ ਨਾਲ ਉੱਥੇ ਮੌਜੂਦ ਟੈਕਸੀ ਡਰਾਈਵਰਾਂ ਨੇ ਛੇੜਛਾੜ ਕੀਤੀ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਟੈਕਸੀ ਡਰਾਈਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸੜਕ ਦੇ ਵਿਚਕਾਰ ਪਰਿਵਾਰ ‘ਤੇ ਵੀ ਹਮਲਾ ਕਰ ਦਿੱਤਾ। ਮਨਜਿੰਦਰ ਸਿੰਘ ਲਾਲਪੁਰਾ 2022 ‘ਚ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਜੋਂ ਚੁਣੇ ਗਏ ਸਨ। ਤਰਨਤਾਰਨ ਦੀ ਇਕ ਅਦਾਲਤ ਨੇ ਵਿਧਾਇਕ ਲਾਲਪੁਰਾ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।
SikhDiary