ਦੋ ਅਣਪਛਾਤੇ ਵਿਅਕਤੀਆਂ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ‘ਤੇ ਚਲਾਈਆਂ ਗੋਲੀਆਂ

ਬਟਾਲਾ : ਬਟਾਲਾ ਦੇ ਜਲੰਧਰ ਰੋਡ ‘ਤੇ ਬੀਤੀ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਦੀ ਦੁਕਾਨ ਸੇਠ ਟੈਲੀਕਾਮ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਪਰ ਉਹ ਵਿਅਕਤੀ ਮੌਕੇ ਤੋਂ ਭੱਜ ਗਏ।ਘਟਨਾ ਦੀ ਜਾਣਕਾਰੀ ਮਿਲਦੇ ਹੀ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਨਰੇਸ਼ ਮਹਾਜਨ, ਮੇਅਰ ਸੁਖਦੀਪ ਸਿੰਘ ਤੇਜਾ, ਸ਼ਹਿਰ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਅਤੇ ਡੀ.ਐਸ.ਪੀ. ਸਿਟੀ ਸੰਜੀਵ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ।ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਆਪਣੀ ਦੁਕਾਨ ‘ਤੇ ਸਨਕਿ ਇਸ ਦੌਰਾਨ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ 2 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਦੁਕਾਨ ‘ਤੇ ਗੋਲੀ ਚਲਾ ਦਿੱਤੀ ਜੋ ਦੁਕਾਨ ਦੇ ਕੱਚ ਦੇ ਸ਼ੀਸ਼ੇ ‘ਤੇ ਜਾ ਲੱਗੀ ਅਤੇ ਸ਼ੀਸ਼ਾ ਬੁਰ੍ਹੀ ਤਰ੍ਹਾਂ ਟੁੱਟ ਗਿਆ । ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ।ਗੌਤਮ ਸੇਠ ਗੁੱਡੂ ਨੇ ਦੱਸਿਆ ਕਿ ਉਸਨੂੰ ਗੈਂਗਸਟਰ ਨਿਸ਼ਾਨ ਜੋੜੀਆਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਫਿਰੌਤੀ ਦੀ ਮੰਗ ਮਿਲ ਰਹੀ ਸੀ ਅਤੇ ਉਸਦੇ ਸਾਥੀਆਂ ਨੇ ਉਸਦੀ ਦੁਕਾਨ ‘ਤੇ ਗੋਲੀਬਾਰੀ ਕੀਤੀ ਹੈ। ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਪਰ ਆਲੇ-ਦੁਆਲੇ ਦੇ ਦੁਕਾਨਦਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।ਹੋਰ ਜਾਣਕਾਰੀ ਦਿੰਦੇ ਹੋਏ, ਡੀ.ਐਸ.ਪੀ. ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਸਨੂੰ ਸੂਚਨਾ ਮਿਲੀ ਕਿ ਦੋ ਅਣਪਛਾਤੇ ਵਿਅਕਤੀਆਂ ਨੇ ਸੇਠ ਟੈਲੀਕਾਮ ‘ਤੇ ਗੋਲੀਆਂ ਚਲਾਈਆਂ ਹਨ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।