ਸੂਬੇ ਭਰ ‘ਚ ਪੁਲਿਸ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ ਤੇ ਨਾਕਾਬੰਦੀ

ਫਰੀਦਕੋਟ: ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਅੱਜ ਸੂਬੇ ਭਰ ਵਿੱਚ ਰਾਤ ਭਰ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ । ਇਸ ਕ੍ਰਮ ਵਿੱਚ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਕਈ ਥਾਵਾਂ ‘ਤੇ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ ਅਤੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਇਨ੍ਹਾਂ ਨਾਕਿਆਂ ‘ਤੇ ਲਗਾਈਆ ਗਈਆਂ ਹਨ ।ਆਈ.ਜੀ ਰੇਂਜ ਫਰੀਦਕੋਟ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਇਨ੍ਹਾਂ ਨਾਕਿਆਂ ਦਾ ਨਿਰੀਖਣ ਕੀਤਾ ਅਤੇ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ‘ਤੇ, ਆਈ.ਜੀ ਨੀਲਾਂਬਰੀ ਜਗਦਲੇ ਨੇ ਕਿਹਾ ਕਿ, ਪੰਜਾਬ ਦੇ ਡੀ.ਜੀ.ਪੀ. ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸੂਬੇ ਭਰ ਵਿੱਚ ਵਿਸ਼ੇਸ਼ ਨਾਕੇਬੰਦੀ ਲਾਗੂ ਕੀਤੀ ਗਈ ਹੈ। ਪੁਲਿਸ ਤਿੰਨ ਪਰਤਾਂ ਵਿੱਚ ਕੰਮ ਕਰੇਗੀ, ਮੁੱਖ ਨਾਕਿਆਂ ‘ਤੇ ਭਾਰੀ ਪੁਲਿਸ ਤਾਇਨਾਤ ਹੋਵੇਗੀ। ਸ਼ੱਕੀ ਵਿਅਕਤੀਆਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ‘ਤੇ ਨਜ਼ਰ ਰੱਖਣ ਲਈ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਹਥਿਆਰਾਂ ਅਤੇ ਜ਼ਰੂਰੀ ਉਪਕਰਣਾਂ ਨਾਲ ਲੈਸ ਕੀਤਾ ਜਾਵੇਗਾ।ਇਸ ਤੋਂ ਇਲਾਵਾ, ਪੀ.ਸੀ.ਆਰ. ਕਰਮਚਾਰੀ ਰਾਤ ਭਰ ਸ਼ਹਿਰ ਵਿੱਚ ਗਸ਼ਤ ਕਰਨਗੇ। ਉਨ੍ਹਾਂ ਕਿਹਾ ਕਿ ਨਾਕਾਬੰਦੀ ਦੌਰਾਨ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਦੇਰ ਰਾਤ ਬੇਲੋੜੇ ਘੁੰਮਦੇ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਤੋਂ ਪੂਰੀ ਤਰ੍ਹਾਂ ਪੁੱਛਗਿੱਛ ਅਤੇ ਜਾਂਚ ਕਰਨ। ਜੇਕਰ ਕੋਈ ਸ਼ੱਕੀ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।